ਕੋਰੀਆ ਵਿੱਚ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 ‘ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਕੋਰੀਆ ਵਿੱਚ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 ‘ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਭਾਰਤੀ ਟੀਮ ਨੇ ਫ਼ਾਈਨਲ ਵਿੱਚ ਤੁਰਕੀ ਟੀਮ ਨੂੰ ਹਰਾਇਆ*

ਯੂ. ਐੱਸ. ਏ. ਅਤੇ ਇਟਲੀ ਨੂੰ ਹਰਾ ਕੇ ਫ਼ਾਈਨਲ ਵਿੱਚ ਹੋਈ ਸੀ ਦਾਖ਼ਲ

ਪਟਿਆਲਾ, 25 ਮਈ
ਕੋਰੀਆ ਵਿਖੇ ਹੋਏ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਸਟੇਜ-2 ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਦੀ ਸ਼ਮੂਲੀਅਤ ਵਾਲ਼ੀ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਤੁਰਕੀ ਦੀ ਟੀਮ ਨੂੰ ਹਰਾ ਕੇ ਸੋਨ ਤਗ਼ਮਾ ਜਿੱਤ ਲਿਆ ਹੈ। ਇਸ ਟੀਮ ਨੇ ਪਿਛਲੇ ਦਿਨੀਂ ਯੂ. ਐੱਸ. ਏ. ਅਤੇ ਇਟਲੀ ਦੀਆਂ ਟੀਮਾਂ ਨੂੰ ਹਰਾ ਕੇ ਫ਼ਾਈਨਲ ਵਿੱਚ ਆਪਣੀ ਥਾਂ ਬਣਾਈ ਸੀ।
ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਰਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੇ ਨਾਲ਼ ਨਾਲ਼ ਪੂਰੇ ਦੇਸ਼ ਦਾ ਮਾਣ ਵਧਾਇਆ ਹੈ।
ਖੇਡ ਵਿਭਾਗ ਦੀ ਡਾਇਰੈਕਟਰ ਡਾ. ਅਜੀਤਾ ਨੇ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਪਰਨੀਤ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਦਾ ਮਾਣ ਕਰਾਰ ਦਿੱਤਾ।
ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ। ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ।
ਹਾਲ ਹੀ ਵਿੱਚ ਉਸ ਨੇ ਚੀਨ ਦੇ ਸ਼ੰਘਾਈ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-1 ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਉਹ 20 ਤੋਂ ਵਧੇਰੇ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ। ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ।

Related Post

Leave a Reply

Your email address will not be published. Required fields are marked *