ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਗੁਰੂ ਸਾਹਿਬ ਦੁਨੀਆ ਦੇ ਇਤਿਹਾਸ ਅੰਦਰ ਧਾਰਮਕ, ਸਮਾਜਕ ਅਤੇ ਰਾਜਨੀਤਕ ਕ੍ਰਾਂਤੀ ਲੈ ਕੇ ਆਏ : ਪ੍ਰੋ. ਬਡੂੰਗਰ
ਪਟਿਆਲਾ 22 ਜੂਨ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਇਸੇ ਤਰ੍ਹਾਂ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਵਿਖੇ ਵੀ ਸੰਗਤਾਂ ਧਾਰਮਕ ਸਮਾਗਮ ਵਿਚ ਪੁੱਜੀਆਂ ਅਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਜਿਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਥੇ ਹੀ ਭਾਈ ਭੁਪਿੰਦਰਪਾਲ ਸਿੰਘ ਮੁੱਖਵਾਕ ਲਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਢਾਡੀ ਜਥਾ ਗੁਰਪਿਆਰ ਸਿੰਘ ਜੌਹਰ ਨੇ ਸੰਗਤਾਂ ਨੂੰ ਇਤਿਹਾਸ ਵਾਰਾਂ ਨਾਲ ਜੋੜਿਆ। ਇਸ ਦੌਰਾਨ ਸ਼ੋ੍ਰਮਣੀ ਭਗਤ ਕਬੀਰ ਦਾ ਜੀ ਦਾ ਜਨਮ ਦਿਹਾੜਾ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਸੰਸਾਰ ਪੱਧਰ ’ਤੇ ਧਾਰਮਕ, ਸਮਾਜਕ ਅਤੇ ਰਾਜਨੀਤਕ ਖੇਤਰ ਵਿਚ ਕ੍ਰਾਂਤੀ ਲੈ ਕੇ ਆਏ ਅਤੇ ਸਮੁੱਚੀ ਮਾਨਵਤਾ ਨੂੰ ਮੀਰੀ ਪੀਰੀ ਦਾ ਵਿਲੱਖਣ ਸਿਧਾਂਤ ਪ੍ਰਦਾਨ ਕੀਤਾ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਮਹਾਨ ਕਾਰਜ ਕੀਤੇ, ਜਿਨ੍ਹਾਂ ਵਿਚ ਤਖਤ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜ ਵੱਡਮੁੱਲੇ ਕਾਰਜਾਂ ਵਿਚੋਂ ਇਕ ਹੈ, ਜੋ ਦੁਨੀਆ ਦੇ ਇਤਿਹਾਸ ਅੰਦਰ ਸਿੱਖਾਂ ਦੇ ਮੁਕੱਦਸ ਅਸਥਾਨ ਵਜੋਂ ਜਾਣਿਆ ਜਾਂਦਾ, ਜਿਥੋਂ ਖਾਲਸਾ ਪੰਥ ਹਮੇਸ਼ਾ ਆਪਣਾ ਮਾਰਗ ਦਰਸ਼ਨ ਕਰਦਾ ਹੈ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਪੁੱਜੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਮੁੱਚੀ ਮਾਨਵਤਾ ਗੁਰੂ ਸਾਹਿਬ ਦੇ ਮੀਰੀ-ਪੀਰੀ ਦੇ ਫਲਸਫੇ ਦੀ ਧਾਰਨੀ ਹੋਵੇ। ਇਸ ਉਪਰੰਤ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਪੁੱਜੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਤੇ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਜੋਗਿੰਦਰ ਸਿੰਘ ਪੰਛੀ, ਸੁਖਬੀਰ ਸਿੰਘ ਅਬਲੋਵਾਲ, ਭਾਈ ਗੁਲਵਿੰਦਰ ਸਿੰਘ ਤੋਂ ਇਲਾਵਾ ਸਾਬਕਾ ਮੈਨੇਜਰ ਸਾਹਿਬਾਨ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਸਟਾਫ ਮੈਂਬਰ ਆਦਿ ਸ਼ਾਮਲ ਸਨ।
(ਡੱਬੀ)
ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ ‘ਅੰਮਿ੍ਰਤ ਸੰਚਾਰ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਹੋਣ ਕਾਰਨ ਪੰਜ ਪਿਆਰਿਆਂ ਪਾਸੋਂ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਇਸ ਦੌਰਾਨ 90 ਦੇ ਕਰੀਬ ਪ੍ਰਾਣੀਆਂ ਨੇ ‘ਅੰਮਿ੍ਰਤ’ ਦੀ ਦਾਤ ਪ੍ਰਾਪਤ ਕੀਤੀ ਅਤੇ ਗੁਰੂ ਸਾਹਿਬ ਵੱਲੋਂ ਦੱਸੇ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ।
ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਰਦਾਸ ਕਰਦੇ ਹੋਏ, ਨਾਲ ਹਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਹੋਰ।