ਨਗਰ ਕੌਂਸਲ ਸਮਾਣਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ

ਨਗਰ ਕੌਂਸਲ ਸਮਾਣਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ


ਸਮਾਣਾ, 26 ਸਤੰਬਰ : ਅਨੁਰਾਗ ਸ਼ਰਮਾ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸਮਾਣਾ ਵੱਲੋਂ 17 ਸਤੰਬਰ ਤੋਂ 17 ਅਕਤੂਬਰ ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਅੱਜ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਸ੍ਰੀ ਕਪੂਰ ਚੰਦ ਬਾਂਸਲ ਅਤੇ ਕਾਰਜ ਸਾਧਕ ਅਫ਼ਸਰ ਸ੍ਰੀ ਅਪਰਾਪਾਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਸੜਕਾਂ ਦੇ ਆਲੇ-ਦੁਆਲੇ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਣ। ਉਨ੍ਹਾਂ ਕਿਹਾ ਕਿ ਕੂੜੇ ਨੂੰ ਸਰੋਤ ’ਤੇ ਹੀ ਗਿੱਲੇ ਅਤੇ ਸੁੱਕੇ ਕੂੜੇ ਵਿੱਚ ਵੱਖ-ਵੱਖ ਛਾਂਟ ਕੇ ਅਲੱਗ-ਅਲੱਗ ਡਸਟਬੀਨਾਂ ਵਿੱਚ ਰੱਖਿਆ ਜਾਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਲਈ ਆਉਣ ਵਾਲੀਆਂ ਰਿਕਸ਼ਾ ਰੇੜੀਆਂ ਜਾਂ ਟਾਟਾ ਏਸ ਵਿੱਚ ਹੀ ਕੂੜਾ ਪਾਇਆ ਜਾਵੇ, ਤਾਂ ਜੋ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਾ-ਭਰਾ ਬਣਾਇਆ ਜਾ ਸਕੇ।
ਨਗਰ ਕੌਂਸਲ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਬਣਾਈ ਰੱਖਣਾ ਸਿਰਫ਼ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਸਮਾਣਾ ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
ਇਸ ਮੌਕੇ ਸੀ.ਐਫ. ਸ੍ਰੀ ਕਰਮਜੀਤ ਸਿੰਘ, ਐਸ.ਆਈ. ਸ੍ਰੀ ਹਰਵਿੰਦਰ ਕੁਮਾਰ ਸਮੇਤ ਨਗਰ ਕੌਂਸਲ ਦੇ ਮੋਟੀਵੇਟਰ ਵੀ ਹਾਜ਼ਰ ਸਨ।

