ਹਮਾਰੇ ਰਾਮ’ ਨਾਟਕ ਨੇ ਪਟਿਆਲਾ ਵਿਖੇ ਦਰਸ਼ਕ ਕੀਤੇ ਮੰਤਰਮੁਗਧ
ਰਾਵਣ ਦੇ ਕਿਰਦਾਰ ‘ਚ ਆਸ਼ੂਤੋਸ਼ ਰਾਣਾ ਤੇ ਰਾਮ ਦੇ ਕਿਰਦਾਰ ‘ਚ ਰਾਹੁਲ ਭੁੱਚਰ ਦੀ ਸ਼ਾਨਦਾਰ ਅਦਾਕਾਰੀ ਨੇ ਖੂਬ ਵਾਹ-ਵਾਹ ਖੱਟੀ
ਦੋ ਰੋਜ਼ਾ ਵਿਲੱਖਣ ਨਾਟਕੀ ਪੇਸ਼ਕਾਰੀ ਨੂੰ ਮਿਲਿਆ ਭਰਵਾਂ ਹੁੰਗਾਰਾ; ਵੱਡੀ ਗਿਣਤੀ ਵਿੱਚ ਦਰਸ਼ਕਾਂ ਵੱਲੋਂ ਸ਼ਮੂਲੀਅਤ
ਰਾਮਾਇਣ ਦੇ ਅਣਛੋਹੇ ਪੱਖਾਂ ਨਾਲ ਜੋੜਨ ਲਈ ਦਰਸ਼ਕਾਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ


ਪਟਿਆਲਾ, 19 ਸਤੰਬਰ: ਅਨੁਰਾਗ ਸ਼ਰਮਾ
ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਨੇ ਪਟਿਆਲਾ ਵਿਖੇ ਆਪਣੇ ਦੋ ਰੋਜ਼ਾ ਪ੍ਰਦਰਸ਼ਨ ਦੌਰਾਨ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿਖੇ ਸਨਾਤਨ ਸੇਵਾ ਸਮਿਤੀ ਦੇ ਸਹਿਯੋਗ ਨਾਲ ਹੋਈ ਇਸ ਪੇਸ਼ਕਾਰੀ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਦੋਵੇਂ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਰਾਮਾਇਣ ਦੇ ਅਣਛੋਹੇ ਪਹਿਲੂਆਂ ਅਤੇ ਘੱਟ ਜਾਣੇ-ਪਛਾਣੇ ਪੱਖਾਂ ਨੂੰ ਨਾਟਕੀ ਅਤੇ ਸੰਗੀਤਕ ਰੂਪ ਵਿੱਚ ਪੇਸ਼ ਕਰਦੀ ਇਸ ਵਿਸ਼ੇਸ਼ ਪੇਸ਼ਕਾਰੀ ਨੇ ਆਪਣੀ ਸ਼ਾਨਦਾਰ ਕਥਾ, ਪ੍ਰਭਾਵਸ਼ਾਲੀ ਸੰਵਾਦ, ਅਦਾਕਾਰੀ ਅਤੇ ਸੰਗੀਤ ਰਾਹੀਂ ਦਰਸ਼ਕਾਂ ਨੂੰ ਆਪਣੇ ਨਾਲ ਜੋੜੀ ਰੱਖਿਆ।ਇਸ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਮੇਅਰ ਕੁੰਦਨ ਗੋਗੀਆ, ਸਨਾਤਨ ਸੇਵਾ ਸਮਿਤੀ ਦੇ ਜ਼ਿਲ੍ਹਾ ਪ੍ਰਧਾਨ ਸੁਮੀਤ ਸ਼ਰਮਾ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਏਡੀਸੀ ਦਮਨਜੀਤ ਸਿੰਘ ਮਾਨ, ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਜੈ ਸ਼ੰਕਰ ਸਿੰਘ, ਐਸ ਪੀ ਮੋਹਿਤ ਅਗਰਵਾਲ, ਐਸ ਡੀ ਐਮ ਗੁਰਦੇਵ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ ਵੱਡੀ ਗਿਣਤੀ ਕੌਂਸਲਰ ਤੇ ਪਟਿਆਲਵੀ ਹਾਜ਼ਰ ਸਨ।
ਇਸ ਮਹਾਂ ਨਾਟਕ ਦੌਰਾਨ ਰਾਵਣ ਦੇ ਕਿਰਦਾਰ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਸੰਵਾਦ ਅਦਾਇਗੀ ਅਤੇ ਪ੍ਰਭਾਵਸ਼ਾਲੀ ਮੰਚ ਮੌਜੂਦਗੀ ਨੇ ਦਰਸ਼ਕਾਂ ਤੋਂ ਖੂਬ ਤਾੜੀਆਂ ਹਾਸਲ ਕੀਤੀਆਂ। ਇਸੇ ਤਰ੍ਹਾਂ ਰਾਹੁਲ ਭੁੱਚਰ ਵੱਲੋਂ ਭਗਵਾਨ ਸ਼੍ਰੀ ਰਾਮ ਦੇ ਕਿਰਦਾਰ ਦੀ ਕੀਤੀ ਗਈ ਪ੍ਰਭਾਵਸ਼ਾਲੀ ਅਤੇ ਸੰਵੇਦਨਸ਼ੀਲ ਪੇਸ਼ਕਾਰੀ ਦੀ ਵੀ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ।
ਪੇਸ਼ਕਾਰੀ ਨੂੰ ਹੋਰ ਵੀ ਸ਼ਾਨਦਾਰ ਬਣਾਉਂਦਿਆਂ ਪ੍ਰਸਿੱਧ ਗਾਇਕਾਂ ਸ਼ੰਕਰ ਮਹਾਦੇਵਨ, ਸੋਨੂੰ ਨਿਗਮ ਅਤੇ ਕੈਲਾਸ਼ ਖੇਰ ਦੀਆਂ ਪਿੱਠਵਰਤੀ ਰੂਹਾਨੀ ਅਤੇ ਸੁਰੀਲੀਆਂ ਸੰਗੀਤਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਦਿੱਤਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਮਾਪਨ ਮੌਕੇ ਸਨਾਤਨ ਸੇਵਾ ਸਮਿਤੀ ਦੇ ਸਹਿਯੋਗ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਟਿਆਲਾ ਨੂੰ ‘ਹਮਾਰੇ ਰਾਮ’ ਨਾਟਕ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸ਼ੋਅ ਦੌਰਾਨ ‘ਹਮਾਰੇ ਰਾਮ’ ਵਰਗੀਆਂ ਪੇਸ਼ਕਾਰੀਆਂ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਨਵੇਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਭਾਰਤ ਦੀ ਅਮੀਰ ਸੱਭਿਆਚਾਰਕ ਅਤੇ ਸਾਹਿਤਕ ਵਿਰਾਸਤ ਨਾਲ ਜੋੜਨ ਲਈ ਅਜਿਹੇ ਉਪਰਾਲੇ ਬੇਹੱਦ ਮਹੱਤਵਪੂਰਨ ਹਨ।
ਦੋਵੇਂ ਦਿਨ ਵੱਡੀ ਗਿਣਤੀ ਪੁੱਜੇ ਦਰਸ਼ਕਾਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਰਾਮਾਇਣ ਦੇ ਅਣਛੋਹੇ ਪੱਖਾਂ ਨੂੰ ਆਧੁਨਿਕ ਨਾਟਕੀ ਅੰਦਾਜ਼ ਵਿੱਚ ਪੇਸ਼ ਕਰਨ ਨਾਲ ਲੋਕਾਂ, ਖ਼ਾਸ ਕਰਕੇ ਨੌਜਵਾਨਾਂ, ਨੂੰ ਭਾਰਤੀ ਸੱਭਿਆਚਾਰਕ ਵਿਰਾਸਤ ਅਤੇ ਇਸ ਨਾਲ ਜੁੜੀਆਂ ਸਦੀਵੀ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਨਾਤਨ ਸੇਵਾ ਸਮਿਤੀ ਦੇ ਸਹਿਯੋਗ ਸਦਕਾ ਸੂਬੇ ਵਿੱਚ ਇਸ ਸੱਭਿਆਚਾਰਕ ਪਹਿਲਕਦਮੀ ਤਹਿਤ ‘ਹਮਾਰੇ ਰਾਮ’ ਦੇ ਸੂਬੇ ਵਿੱਚ ਕੁੱਲ 41 ਪ੍ਰਦਰਸ਼ਨ (ਸ਼ੋਅ) ਕਰਵਾਏ ਜਾ ਰਹੇ ਹਨ। ਇਸ ਦਾ ਉਦੇਸ਼ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਤੱਕ ਇਸ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ਨੂੰ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਰਾਮਾਇਣ ਦੇ ਅਣਕਹੇ ਅਧਿਆਇਆਂ ਨਾਲ ਜਾਣੂ ਕਰਵਾਉਣਾ ਹੈ।

