ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਸਰਕਾਰ ਦੀ ਅਰਥੀ ਫੂਕੀ
13 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੇ ਆਪਣੇ ਬੱਚੇ ਛੱਡਣ ਜਾਣਗੇ ਦਫ਼ਤਰੀ ਕਾਮੇ ਅਤੇ ਵਿਸ਼ੇਸ਼ ਅਧਿਆਪਕ
ਸੇਵਾਵਾਂ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਕਰ ਰਹੇ ਨੇ ਮੰਗ
ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਸਘੰਰਸ਼ ਨੂੰ ਹੋਰ ਮੱਘਾ ਦਿੱਤਾ ਹੈ ਅਤੇ ਅੱਜ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਪੱਧਰ ਤੇ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਆਗੂਆਂ ਨੇ ਐਲਾਨ ਕੀਤਾ ਕਿ ਅੱਜ ਦੀ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਦਫ਼ਤਰੀ ਕਾਮੇ ਅਤੇ ਵਿਸ਼ੇਸ਼ ਅਧਿਆਪਕ 13 ਮਾਰਚ ਨੂੰ ਆਪਣੇ ਬੱਚੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਛੱਡਣ ਜਾਣਗੇ। ਆਗੂਆਂ ਨੇ ਕਿਹਾ ਕਿ ਨਿਗੁਣੀ ਤਨਖਾਹ ਤੇ ਗੁਜ਼ਾਰਾ ਕਰਨਾ ਮੁਸ਼ਕਿਲ ਹੈ ਅਤੇ ਮੁੱਖ ਮੰਤਰੀ ਦੇ ਫ਼ੈਸਲੇ ਦੇ ਬਾਵਜੂਦ ਮੁਲਾਜ਼ਮਾਂ ਨੂੰ ਰੈਗੂਲਰ ਨਹੀ ਕੀਤਾ ਗਿਆ ਅਤੇ ਹੁਣ ਮੁਲਾਜ਼ਮਾਂ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਨ ਤੋਂ ਅਸਮਰੱਥ ਹਨ ਜਿਸ ਕਰਕੇ ਮੁਲਾਜ਼ਮ 13 ਮਾਰਚ ਨੂੰ ਆਪਣੇ ਬੱਚੇ ਮੁੱਖ ਮੰਤਰੀ ਦੀ ਰਿਹਾਇਸ਼ ਛੱਡਣ ਜਾਣਗੇ ਤਾਂ ਜੋ ਮੁੱਖ ਮੰਤਰੀ ਸਾਡੇ ਬੱਚਿਆਂ ਦਾ ਪਾਲਣ ਪੋਸ਼ਣ ਕਰਨ।
ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਮਿਤੀ 22/11/2023 ਅਤੇ 31/01/2024 ਨੂੰ ਫੈਸਲਾ ਲੈਣ ਦੇ ਬਾਵਜੂਦ ਵੀ ਅਫਸਰ ਕਮੇਟੀ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫ਼ਾਈਲ ਤੇ ਕੋਈ ਕਾਰਵਾਈ ਨਹੀਂ ਕਰ ਰਹੀ । ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਬੰਦ ਹੋਈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਹਰਦੇਵ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ।