2 ਦਸੰਬਰ ਨੂੰ 267 ਆਮ ਆਦਮੀ ਕਲੀਨਿਕਾਂ ਦਾ ਕੀਤਾ ਜਾਵੇਗਾ ਲੋਕ ਅਰਪਣ


ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਸਮਾਣਾ/ ਪਟਿਆਲਾ 27 ਨਵੰਬਰ : ਅਨੁਰਾਗ ਸ਼ਰਮਾ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਅਨਾਜ ਮੰਡੀ ਸਮਾਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ 267 ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ ਕੀਤਾ ਜਾਵੇਗਾ।
ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਅਤੇ ਸਾਬਕਾ ਮੰਤਰੀ ਸ੍ਰ ਸੁਰਜੀਤ ਸਿੰਘ ਰੱਖੜਾ ਨੇ ਅਨਾਜ ਮੰਡੀ ਸਮਾਣਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਾਲੀ ਥਾਂ ‘ ਤੇ ਨਿਰੀਖਣ ਕਰਦਿਆਂ ਵੱਖ-ਵੱਖ ਵਿਭਾਗਾਂ ਨੂੰ ਆਦੇਸ਼ ਦਿੱਤੇ।
ਇਸ ਮੌਕੇ ਸਾਬਕਾ ਮੰਤਰੀ ਸ੍ਰ ਸੁਰਜੀਤ ਸਿੰਘ ਰੱਖੜਾ ਨੇ ਵੀ ਸਮਾਗਮ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਦੇ ਨਾਲ ਹੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸਹੂਲਤ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਕਿੰਗ ਅਤੇ ਖਾਣੇ ਦੇ ਪ੍ਰਬੰਧਾਂ ਤੋਂ ਲੈ ਕੇ ਹੋਰ ਸਾਰੇ ਪ੍ਰਬੰਧ ਦਾ ਵੀ ਜਾਇਜਾ ਲਿਆ।
ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਸਮਾਗਮ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ, ਤਾਂ ਜੋ ਰਾਜ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਸਮਾਣਾ ਸ੍ਰੀ ਰਾਜਬੀਰ ਸਿੰਘ, ਐਸ.ਡੀ.ਐਮ. ਸ੍ਰੀਮਤੀ ਖੁਸ਼ਪ੍ਰੀਤ ਬਰਾੜ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਕਾਲਾ ਰਾਮ ਕਾਂਸਲ, ਐਸ.ਪੀ. ਸ੍ਰੀ ਰਾਜੇਸ਼ ਛਿੱਬਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।




