ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

ਲੋਕਾਂ ਨੂੰ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਮੁਕਾਬਲੇ ਕਾਂਗਰਸ ਤੇ ਆਪ ਨੇ ਕੀ ਕੀਤਾ, ਉਸਦੀ ਤੁਲਨਾ ਜ਼ਰੂਰ ਕਰੋ

ਸ੍ਰੀ ਮੁਕਤਸਰ ਸਾਹਿਬ,/ਫਰੀਦਕੋਟ/ਬਠਿੰਡਾ, 19 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਆਧਾਰਿਤ ਪਾਰਟੀਆਂ ਨੂੰ ਰੱਦ ਕਰਨ ਜੋ ਲੋਕਾਂ ਨੂੰ ਜਾਤੀਵਾਦੀ ਤੇ ਫਿਰਕੂ ਲੀਹਾਂ ’ਤੇ ਵੰਡਣਾ ਚਾਹੁੰਦੀਆਂ ਹਨ ਤੇ ਉਹਨਾਂ ਨੇ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਉਹਨਾਂ ਦੇ ਹੱਕਾਂ ਵਾਸਤੇ ਸੰਘਰਸ਼ ਕਰ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋਂ ਤੇ ਕੋਟਕਪੁਰਾ ਵਿਚ ਫਰੀਦਕੋਟ ਹਲਕੇ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਦੇ ਹੱਕ ਵਿਚ ਭਰਵੀਂਆਂ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਪੰਜਾਬ ਚੁਰਸਤੇ ’ਤੇ ਹੈ। ਇਕ ਪਾਸੇ ਦਿੱਲੀ ਆਧਾਰਿਤ ਪਾਰਟੀਆਂ ਹਨ ਜਿਹਨਾਂ ਨੇ ਹਮੇਸ਼ਾ ਸੂਬੇ ਦੀ ਲੁੱਟ ਕੀਤੀ ਅਤੇ ਪੰਜਾਬੀਆਂ ਨੂੰ ਉਹਨਾਂ ਦੇ ਵਾਜਬ ਹੱਕ ਦੇਣ ਤੋਂ ਨਾਂਹ ਕੀਤੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਐਮ ਐਸ ਪੀ ਨੂੰ ਕਾਨੂੰਨ ਗਰੰਟੀ ਦਾ ਰੂਪ ਦੇਣ, ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕਰਨ ਤੇ ਇਸਦੀ ਧਾਰਮਿਕ ਖੁਦਮੁਖ਼ਤਿਆਰੀ ਦੀ ਰਾਖੀ ਕਰਨ ਦੀ ਵਕਾਲਤ ਕੀਤੀ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੀ ਸਰਕਾਰ ਨੇ ਜੋ ਕੀਤਾ, ਉਸਦੀ ਤੁਲਨਾ ਕਾਂਗਰਸ ਤੇ ਆਪ ਨਾਲ ਕਰੋ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਨੇ ਤੁਹਾਡੇ ਨਾਲ ਧੋਖਾ ਕੀਤਾ ਹੈ। ਉਹਨਾਂ ਨੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ, ਨਸ਼ੇ ਖ਼ਤਮ ਕਰਨ, 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ ਅਤੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਰਗੇ ਵਾਅਦੇ ਪੂਰੇ ਨਹੀਂ ਕੀਤੇ।

ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਸਰਕਾਰ ਨੇ ਕਿਸਾਨ ਪੱਖੀ ਤੇ ਗਰੀਬ ਪੱਖੀ ਕਦਮ ਚੁੱਕੇ ਹਾਲਾਂਕਿ ਇਹਨਾਂ ਦਾ ਵਾਅਦਾ ਵੀ ਨਹੀਂ ਕੀਤਾ ਸੀ। ਅਸੀਂ ਕਿਸਾਨਾਂ ਲਈ ਮੁਫਤ ਬਿਜਲੀ ਦੀ ਸ਼ੁਰੂਆਤ ਕੀਤੀ। ਅਸੀਂ ਆਟਾ ਦਾਲ, ਸ਼ਗਨ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਕੀਮਾਂ ਦੀ ਸ਼ੁਰੂਆਤ ਕੀਤੀ।

ਆਪ ਸਰਕਾਰ ਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਿੱਤਾਂ ਖਿਲਾਫ ਕੰਮ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਸਰਕਾਰ ਨੇ ਹੁਣ ਤੱਕ ਪੰਜਾਬ ਵਿਚ ਇਕ ਵੀ ਪ੍ਰਾਜੈਕਟ ਨਹੀਂ ਲਿਆਂਦਾ। ਉਹਨਾਂ ਕਿਹਾ ਕਿ ਬਜਾਏ ਪੰਜਾਬ ਵਿਚ ਨਿਵੇਸ਼ ਕਰਵਾਉਣ ਦੇ ਇਹ ਪੰਜਾਬ ਤੋਂ ਉਦਯੋਗ ਦੂਜੇ ਰਾਜਾਂ ਵਿਚ ਜਾਣ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਥਰਮਲ ਪਲਾਂਟ ਲਗਵਾ ਕੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਇਥੇ ਏਮਜ਼ ਵਰਗੀਆਂ ਵਿਸ਼ਵ ਪੱਧਰੀ ਸਹੂਲਤਾਂ ਲਿਆਂਦੀਆਂ ਤੇ ਸੜਕਾਂ ਨੂੰ ਚਹੁੰ ਤੇ ਛੇ ਮਾਰਗੀ ਕੀਤਾ ਤੇ ਹਵਾਈ ਅੱਡੇ ਸਥਾਪਿਤ ਕੀਤੇ।

ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ 1984 ਦਾ ਦਿਨ ਯਾਦ ਰੱਖਣ ਜਿਸ ਦਿਨ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਨੇ ਤੋਪਾਂ ਤੇ ਟੈਂਕਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਤੇ ਇਸੇ ਦਿਨ ਇਸ ਸਾਲ ਵੋਟਾਂ ਪੈਣਗੀਆਂ ਹਨ। ਉਹਨਾਂ ਕਿਹਾ ਕਿ ਇਸ ਹਮਲੇ ਪਿਛੋਂ ਸਿੱਖਾਂ ਦਾ ਦੇਸ਼ ਭਰ ਵਿਚ ਕਤਲੇਆਮ ਕਰਵਾਇਆ ਗਿਆ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਦਾਰ ਹਰਜਿੰਦਰ ਸਿੰਘ ਹਿੰਦਾ ਦੀ ਹਮਾਇਤ ਕਰਨ ਜਿਹਨਾਂ ਨੂੰ ਰਾਮਪੁਰਾ ਫੂਲ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਸੀਨੀਅਰ ਆਗੂ ਹਰਿੰਦਰ ਸਿੰਘ ਹਿੰਦਾ,ਸਰਦਾਰ ਬਲਕਾਰ ਸਿੰਘ ਬਰਾੜ, ਹਰਦੀਪ ਸਿੰਘ ਡਿੰਪੀ ਢਿੱਲੋਂ, ਸੂਬਾ ਸਿੰਘ ਬਾਦਲ, ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਮੋਹਿਤ ਗੁਪਤਾ, ਯਾਦਵਿੰਦਰ ਸਿੰਘ ਯਾਦੀ ਅਤੇ ਗੁਰਚੇਤ ਸਿੰਘ ਬਰਗਾੜੀ ਨੇ ਵੀ ਇਕੱਠਾਂ ਨੂੰ ਸੰਬੋਧਨ ਕੀਤਾ।

Related Post

Leave a Reply

Your email address will not be published. Required fields are marked *