
Punjab News : ਪੰਜਾਬ ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਵੱਡੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਸਾਰੀਆਂ ਮਾਨਤਾ ਪ੍ਰਾਪਤ ਅਤੇ ਰਜਿਸਟਰਡ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ, ਯਾਨੀ ਬੀ.ਐੱਲ.ਏਜ਼ ਦੀ ਨਿਯੁਕਤੀ ਜਲਦ ਤੋਂ ਜਲਦ ਪੂਰੀ ਕਰਨ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ., ਅਰਥਾਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਕਿਰਿਆ ਦੌਰਾਨ ਬੀ.ਐੱਲ.ਏਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੇਗੀ ਅਤੇ ਇਨ੍ਹਾਂ ਨੂੰ ਬੀ.ਐੱਲ.ਓਜ਼ ਦੇ ਨਾਲ ਸਮੇਂ ਸਿਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਪੂਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣੀ ਰਹੇ।ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਵਿੱਚ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐੱਲ.ਓਜ਼ ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ।
ਇਸ ਵੱਡੇ ਅਭਿਆਨ ਲਈ 24 ਹਜ਼ਾਰ ਤੋਂ ਵੱਧ ਬੀ.ਐੱਲ.ਓਜ਼, 2 ਹਜ਼ਾਰ ਤੋਂ ਵੱਧ ਸੁਪਰਵਾਈਜ਼ਰ ਅਤੇ ਹੋਰ ਚੋਣ ਅਧਿਕਾਰੀ ਤਾਇਨਾਤ ਕੀਤੇ ਗਏ ਹਨ।ਉਨ੍ਹਾਂ ਇਹ ਵੀ ਦੱਸਿਆ ਕਿ 15 ਜੂਨ ਤੋਂ 24 ਜੂਨ ਤੱਕ ਚੋਣ ਅਮਲੇ ਦੀ ਸਿਖਲਾਈ ਅਤੇ ਹੋਰ ਤਿਆਰੀਆਂ ਪੂਰੀਆਂ ਕੀਤੀਆਂ ਜਾਣਗੀਆਂ। ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਲਗਭਗ 90 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਸ਼ਹਿਰੀ ਖੇਤਰਾਂ ਵਿੱਚ ਵੀ ਵੱਡੇ ਪੱਧਰ ‘ਤੇ ਕੰਮ ਅੱਗੇ ਵੱਧ ਰਿਹਾ ਹੈ। ਇਸ ਮੀਟਿੰਗ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। ਚੋਣ ਕਮਿਸ਼ਨ ਨੇ ਸਾਰੀਆਂ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਐੱਸ.ਆਈ.ਆਰ. ਦੀ ਪੂਰੀ ਪ੍ਰਕਿਰਿਆ ਦੌਰਾਨ ਉਨ੍ਹਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ, ਤਾਂ ਜੋ ਵੋਟਰ ਸੂਚੀਆਂ ਦੀ ਸੰਸ਼ੋਧਨ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਸੁਚੱਜੀ ਢੰਗ ਨਾਲ ਪੂਰੀ ਕੀਤੀ ਜਾ ਸਕੇ।