
Gurdaspur News : ਗੁਰਦਾਸਪੁਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਐਸ.ਡੀ.ਐਮ. ਵਜੋਂ ਸੇਵਾ ਨਿਭਾ ਰਹੀ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ ਪੱਟੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਜੰਮੂ-ਕਸ਼ਮੀਰ ਤੋਂ ਰਾਜਸਥਾਨ ਤੱਕ ਬਣ ਰਹੇ ਹਾਈਵੇ ਲਈ ਐਕੁਆਇਰ ਕੀਤੀ ਗਈ ਜ਼ਮੀਨ ਵਿੱਚ ਹੋਏ ਕਥਿਤ ਗਬਨ ਮਾਮਲੇ ਨਾਲ ਜੋੜੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਅਨੁਪ੍ਰੀਤ ਕੌਰ ਰੰਧਾਵਾ ਉੱਤੇ ਇੱਕ ਕਰੋੜ 63 ਲੱਖ ਰੁਪਏ ਦੇ ਗਬਨ ਦੇ ਦੋਸ਼ਾਂ ਸਬੰਧੀ ਕੇਸ ਚੱਲ ਰਿਹਾ ਸੀ। ਇਸ ਮਾਮਲੇ ਨੇ ਉਸ ਵੇਲੇ ਹੋਰ ਵੀ ਸਿਆਸੀ ਰੰਗ ਫੜ ਲਿਆ ਸੀ, ਜਦੋਂ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਜ਼ਿਲ੍ਹਾ ਪਰੀਸ਼ਦ ਚੋਣਾਂ ਦੌਰਾਨ ਵੀ ਐਸ.ਡੀ.ਐਮ. ਉੱਤੇ ਲੱਗ ਰਹੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ ਸੀ।
ਹੁਣ ਪੁਲਿਸ ਵੱਲੋਂ ਕੀਤੀ ਗਈ ਇਹ ਕਾਰਵਾਈ ਕਈ ਵੱਡੇ ਸਵਾਲ ਖੜੇ ਕਰ ਰਹੀ ਹੈ। ਕੀ ਇਸ ਮਾਮਲੇ ਵਿੱਚ ਹੋਰ ਅਧਿਕਾਰੀਆਂ ਜਾਂ ਵਿਅਕਤੀਆਂ ਦੇ ਨਾਮ ਵੀ ਸਾਹਮਣੇ ਆ ਸਕਦੇ ਹਨ? ਕੀ ਜ਼ਮੀਨ ਐਕੁਆਇਰ ਮਾਮਲੇ ਵਿੱਚ ਹੋਇਆ ਇਹ ਕਥਿਤ ਗਬਨ ਕਿਸੇ ਵੱਡੇ ਰੈਕੇਟ ਦਾ ਹਿੱਸਾ ਸੀ? ਇਨ੍ਹਾਂ ਸਵਾਲਾਂ ਦੇ ਜਵਾਬ ਹੁਣ ਜਾਂਚ ਤੋਂ ਬਾਅਦ ਹੀ ਸਾਹਮਣੇ ਆਉਣਗੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਦੀ ਬਿਊਰੋਕ੍ਰੇਸੀ ਨਾਲ ਜੁੜੇ ਇਸ ਮਾਮਲੇ ਨੇ ਸੂਬੇ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।