Punjab News : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਹਿਰ ਦੇ ਕਈ ਸਕੂਲਾਂ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਹੜਕੰਪ ਮਚ ਗਿਆ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ। ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੰਬੰਧਿਤ ਸਕੂਲਾਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਜਾਂਚ ਜਾਰੀ ਹੈ।
ਪੁਲਿਸ ਟੀਮਾਂ ਵੱਲੋਂ ਸਕੂਲ ਪਰਿਸਰਾਂ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਨੂੰ ਸਮੇਂ ਸਿਰ ਟਾਲਿਆ ਜਾ ਸਕੇ। ਇਸ ਘਟਨਾ ਤੋਂ ਬਾਅਦ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ, ਹਾਲਾਂਕਿ ਪ੍ਰਸ਼ਾਸਨ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਇਸ ਮਾਮਲੇ ਵਿੱਚ ਪਹਿਲਾਂ ਹੀ ਪੱਛਮੀ ਬੰਗਾਲ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਦੇ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਸ਼ਖ਼ਸ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀਆਂ ਦੇ ਪਿੱਛੇ ਕੋਈ ਵੱਡਾ ਗਿਰੋਹ ਜਾਂ ਸਾਜ਼ਿਸ਼ ਤਾਂ ਨਹੀਂ। ਫਿਲਹਾਲ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਹਨ ਅਤੇ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਹੋਰ ਖੁਲਾਸੇ ਕੀਤੇ ਜਾਣਗੇ।

