Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ Sukhpal Singh Khaira ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਸੁਖਪਾਲ ਖਹਿਰਾ ਵੱਲੋਂ ਦਾਇਰ ਕੀਤੀ ਗਈ ਮਾਣਹਾਨੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਮਾਮਲਾ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਪੰਚਾਇਤੀ ਜ਼ਮੀਨ ‘ਤੇ ਕਥਿਤ ਕਬਜ਼ੇ ਨਾਲ ਜੁੜਿਆ ਹੋਇਆ ਸੀ, ਜਿੱਥੇ ਪ੍ਰਸ਼ਾਸਨ ਵੱਲੋਂ ਕਬਜ਼ਾ ਹਟਾਉਣ ਲਈ ਕਾਰਵਾਈ ਕੀਤੀ ਗਈ ਸੀ।
ਅਦਾਲਤ ਨੇ ਆਪਣੇ ਫੈਸਲੇ ਵਿੱਚ ਸਾਫ਼ ਕਿਹਾ ਕਿ ਜਿਸ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਉਹ ਪੰਚਾਇਤੀ ਸੜਕ ਦਾ ਹਿੱਸਾ ਹੈ ਅਤੇ ਇਸ ‘ਤੇ ਕੀਤਾ ਗਿਆ ਕਬਜ਼ਾ ਗਲਤ ਸੀ। ਹਾਈਕੋਰਟ ਨੇ ਇਹ ਵੀ ਟਿੱਪਣੀ ਕੀਤੀ ਕਿ ਸੁਖਪਾਲ ਖਹਿਰਾ ਨੇ ਕਬਜ਼ਾ ਛੁਡਵਾਉਣ ਦੀ ਕਾਰਵਾਈ ਨੂੰ ਮਾਣਹਾਨੀ ਦਾ ਰੂਪ ਦੇ ਕੇ ਅਦਾਲਤੀ ਪ੍ਰਕਿਰਿਆ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਸ ਮਾਮਲੇ ‘ਚ ਅਦਾਲਤ ਨੇ ਖਹਿਰਾ ਨੂੰ ਫਟਕਾਰ ਲਾਉਂਦੇ ਹੋਏ ਉਨ੍ਹਾਂ ‘ਤੇ 6 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਕਿਹਾ ਕਿ ਜੇਕਰ ਇਹ ਜੁਰਮਾਨਾ ਅਦਾ ਨਾ ਕੀਤਾ ਗਿਆ ਤਾਂ ਖਹਿਰਾ ਦੀ ਜਾਇਦਾਦ ਵੇਚ ਕੇ ਇਹ ਰਕਮ ਵਸੂਲ ਕੀਤੀ ਜਾ ਸਕਦੀ ਹੈ। ਨਾਲ ਹੀ, ਇਹ ਵੀ ਹੁਕਮ ਦਿੱਤਾ ਗਿਆ ਹੈ ਕਿ ਜੁਰਮਾਨੇ ਦੀ ਰਕਮ ਉਹਨਾਂ ਵਿਅਕਤੀਆਂ ਵਿੱਚ ਬਰਾਬਰ ਵੰਡੀਂ ਜਾਵੇਗੀ ਜਿਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਵਿਰੋਧੀ ਧਿਰਾਂ ਵੱਲੋਂ ਵੀ ਇਸ ਮਾਮਲੇ ‘ਤੇ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

