
ਲੁਧਿਆਣਾ ਦੇ ਖੰਨਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 1 ਮਈ ਨੂੰ ਪ੍ਰੇਮ ਵੈਸ਼ਨੋ ਢਾਬੇ ‘ਤੇ ਹੋਈ ਗੋਲੀਬਾਰੀ ਅਤੇ ਜਬਰਦਸਤੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬੀ ਗਾਇਕ Sidhu Moosewala ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਨੇ ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਤਾ ਦਲਜੀਤ ਕੌਰ ਨੂੰ ਫਤਿਹਗੜ੍ਹ ਸਾਹਿਬ ਦੇ ਪਿੰਡ ਚੜ੍ਹੀ ਤੋਂ ਕਾਬੂ ਕੀਤਾ। ਖੰਨਾ ਪੁਲਿਸ ਮੁਤਾਬਕ, ਦੋਵਾਂ ਨੂੰ ਇਸ ਮਾਮਲੇ ਵਿੱਚ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਗਨਪ੍ਰੀਤ ਸਿੰਘ ਵਿਦੇਸ਼ ਵਿੱਚ ਰਹਿੰਦੇ ਹੋਏ ਵੀ ਆਪਣੇ ਮਾਪਿਆਂ ਦੇ ਲਗਾਤਾਰ ਸੰਪਰਕ ਵਿੱਚ ਸੀ। ਪੁਲਿਸ ਦਾ ਦਾਅਵਾ ਹੈ ਕਿ ਮਾਪਿਆਂ ਦੇ ਸੰਪਰਕ ਅਪਰਾਧ ਕਰਨ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਵੀ ਸਨ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਦਾ ਨਾਮ ਕਿਸੇ ਅਜਿਹੇ ਮਾਮਲੇ ਵਿੱਚ ਸਾਹਮਣੇ ਆਇਆ ਹੋਵੇ। ਇਸ ਤੋਂ ਪਹਿਲਾਂ ਵੀ ਖੰਨਾ ਦੇ ਪਾਇਲ ਅਤੇ ਦੋਰਾਹਾ ਇਲਾਕਿਆਂ ਵਿੱਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਉਨ੍ਹਾਂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ। ਉਸ ਵੇਲੇ ਸੌਦਾਗਰ ਸਿੰਘ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਸੀ, ਜਦਕਿ ਦਲਜੀਤ ਕੌਰ ਵੀ ਜ਼ਮਾਨਤ ‘ਤੇ ਬਾਹਰ ਸੀ। ਪਰ ਹੁਣ ਪ੍ਰੇਮ ਵੈਸ਼ਨੋ ਢਾਬਾ ਗੋਲੀਬਾਰੀ ਮਾਮਲੇ ਵਿੱਚ ਮੁੜ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਖੰਨਾ ਦੇ ਡੀਐਸਪੀ ਜਾਂਚ ਮੋਹਿਤ ਸਿੰਗਲਾ ਨੇ ਦੱਸਿਆ ਕਿ ਪੁਲਿਸ ਕੋਲ ਅਜਿਹੇ ਸਬੂਤ ਮਿਲੇ ਹਨ ਜੋ ਦੋਵਾਂ ਦੀ ਭੂਮਿਕਾ ਵੱਲ ਇਸ਼ਾਰਾ ਕਰਦੇ ਹਨ। ਪੁਲਿਸ ਹੁਣ ਇਸ ਮਾਮਲੇ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।