ਪੰਜਾਬ ‘ਚ ਤੇਜ਼ ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

Punjab News : ਪੰਜਾਬ ਵਾਸੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਤਿੱਖੀ ਗਰਮੀ ਅਤੇ ਲੂ ਨੇ ਲੋਕਾਂ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਸੀ, ਪਰ ਹੁਣ ਮੌਸਮ ਵਿੱਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਬਣ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਘਟ ਸਕਦਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ 31 ਮਈ ਤੱਕ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤੇ ਹਨ। ਅੱਜ ਅੰਮ੍ਰਿਤਸਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਰਗੇ ਇਲਾਕਿਆਂ ਵਿੱਚ ਗੰਭੀਰ ਲੂ ਦੀ ਸਥਿਤੀ ਬਣੀ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਦਾ ਤਾਪਮਾਨ 42 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਰਿਹਾ ਹੈ, ਜਦਕਿ ਰਾਤ ਨੂੰ ਵੀ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਤਿੱਖੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਦੁਪਹਿਰ ਸਮੇਂ ਸੜਕਾਂ ਸੁੰਝੀਆਂ ਦਿਖਾਈ ਦੇ ਰਹੀਆਂ ਹਨ।

ਮੌਸਮ ਵਿਭਾਗ ਮੁਤਾਬਕ 28 ਮਈ ਤੋਂ ਮੌਸਮ ਵਿੱਚ ਤਬਦੀਲੀ ਸ਼ੁਰੂ ਹੋਵੇਗੀ। ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਬਾਰਿਸ਼ ਅਤੇ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਪਰ ਸਭ ਤੋਂ ਵੱਡੀ ਚਿੰਤਾ 29 ਮਈ ਨੂੰ ਲੈ ਕੇ ਜਤਾਈ ਜਾ ਰਹੀ ਹੈ। ਪਠਾਨਕੋਟ, ਰੂਪਨਗਰ ਅਤੇ ਮੋਹਾਲੀ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਥੇ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ, ਗੜੇਮਾਰੀ ਅਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। 30 ਮਈ ਨੂੰ ਮੌਸਮ ਵਿੱਚ ਸੁਧਾਰ ਹੋਣਾ ਸ਼ੁਰੂ ਹੋਵੇਗਾ, ਹਾਲਾਂਕਿ ਕੁਝ ਥਾਵਾਂ ‘ਤੇ ਗਰਜ-ਚਮਕ ਅਤੇ ਤੇਜ਼ ਹਵਾਵਾਂ ਜਾਰੀ ਰਹਿ ਸਕਦੀਆਂ ਹਨ। 31 ਮਈ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਖ਼ਾਸ ਕਰਕੇ 29 ਮਈ ਦੌਰਾਨ ਸਾਵਧਾਨ ਰਹਿਣ ਅਤੇ ਮੌਸਮ ਦੀਆਂ ਤਾਜ਼ਾ ਜਾਣਕਾਰੀਆਂ ਨਾਲ ਜੁੜੇ ਰਹਿਣ।

Related Post