1000-1500 in Bank Account: ਪੰਜਾਬ ਵਿੱਚ ਕਰਵਾਏ ਗਏ ਰਾਜ ਪੱਧਰੀ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੌਰਾਨ ਭਗਤੀ ਦੇ ਨਾਲ-ਨਾਲ ਇੱਕ ਵੱਡਾ ਸਰਕਾਰੀ ਐਲਾਨ ਵੀ ਚਰਚਾ ਦਾ ਵਿਸ਼ਾ ਬਣ ਗਿਆ। ਸਰਕਾਰੀ ਕਾਲਜ ਦੇ ਮੈਦਾਨ ਵਿੱਚ ਹੋਏ ਇਸ ਵਿਸ਼ਾਲ ਭਜਨ ਸੰਧਿਆ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਦੀ ਮੌਜੂਦਗੀ ਵਿੱਚ “ਹਰ ਹਰ ਮਹਾਦੇਵ” ਦੇ ਜੈਕਾਰੇ ਗੂੰਜਦੇ ਰਹੇ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 1 ਅਗਸਤ ਤੋਂ 40 ਲੱਖ ਨਵੀਆਂ ਰਜਿਸਟਰਡ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤਣਾ ਹੈ ਅਤੇ ਇਸੇ ਸੋਚ ਨਾਲ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਆਪਸੀ ਭਾਈਚਾਰਾ ਅਤੇ ਧਾਰਮਿਕ ਸਾਂਝ ਹੈ। ਇੱਥੇ ਹਰ ਧਰਮ ਦੇ ਲੋਕ ਇੱਕ-ਦੂਜੇ ਦੇ ਤਿਉਹਾਰ ਮਿਲ-ਜੁਲ ਕੇ ਮਨਾਉਂਦੇ ਹਨ ਅਤੇ ਇਹੀ ਪੰਜਾਬ ਦੀ ਅਸਲੀ ਪਛਾਣ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ ਅਤੇ ਸਰਕਾਰ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਨੌਜਵਾਨਾਂ ਲਈ ਗੁਣਵੱਤਾ ਭਰੀ ਸਿੱਖਿਆ ਅਤੇ ਹੁਨਰ ਵਿਕਾਸ ‘ਤੇ ਵੀ ਖ਼ਾਸ ਧਿਆਨ ਦੇ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਵਧੀਆ ਰੁਜ਼ਗਾਰ ਦੇ ਮੌਕੇ ਮਿਲ ਸਕਣ। ਇਸ ਮੌਕੇ ਉਨ੍ਹਾਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਹੁਣ ਇਸ ਵਿੱਚ ਹੋਰ ਤੀਰਥ ਸਥਾਨ ਵੀ ਸ਼ਾਮਲ ਕੀਤੇ ਗਏ ਹਨ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ, ਡਿਊਟੀ ਤੋਂ ਘਰ ਜਾ ਰਹੇ ਪੁਲਿਸ ਮੁਲਾਜ਼ਮ ਦੀ ਮੌਤ
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਾਤ-ਪਾਤ, ਧਰਮ ਅਤੇ ਹੋਰ ਵਖਰੇਵਿਆਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਤਰੱਕੀ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕੱਠੇ ਕੰਮ ਕਰਨ। ਇਸ ਸਮਾਗਮ ਦੀ ਖ਼ਾਸ ਖਿੱਚ ਰਹੇ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ, ਜਿਨ੍ਹਾਂ ਨੇ ਭਗਵਾਨ ਸ਼ਿਵ ਦੀ ਮਹਿਮਾ ਵਿੱਚ ਭਜਨ ਪੇਸ਼ ਕਰਕੇ ਪੂਰੇ ਮਾਹੌਲ ਨੂੰ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਹਜ਼ਾਰਾਂ ਸ਼ਰਧਾਲੂਆਂ ਨੇ ਭਜਨਾਂ ਦਾ ਆਨੰਦ ਮਾਣਿਆ ਅਤੇ ਪੂਰਾ ਸਮਾਗਮ ਆਸਥਾ ਅਤੇ ਸ਼ਰਧਾ ਨਾਲ ਸਰਾਬੋਰ ਰਿਹਾ।

