
ਪਟਿਆਲਾ, 26 ਅਗਸਤ: ਅਨੁਰਾਗ ਸ਼ਰਮਾ
ਸਥਾਨਕ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਪ੍ਰੋ. (ਡਾ) ਵਨੀਤਾ ਰਾਣੀ ਦੀ ਅਗਵਾਈ ਹੇਠ ਕਾਲਜ ਵਿਖੇ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ ਨੇ ਮੁੱਖ ਮਹਿਮਾਨ ਅਤੇ ਸ਼੍ਰੀ ਮੋਹਿਤ ਕੋਸ਼ਲ ਸਹਾਇਕ ਜ਼ਿਲ੍ਹਾ ਨੋਡਲ ਅਫਸਰ ਸਵੀਪ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਪ੍ਰਿੰਸੀਪਲ ਪ੍ਰੋ ਡਾ. ਵਨੀਤਾ ਰਾਣੀ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਸਵਾਗਤ ਕਰਦੇ ਹੋਏ ਸਮੂਹ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਅਤੇ ਅਧਿਕਾਰ ਬਾਰੇ ਜਾਣੂ ਕਰਵਾਉਂਦੇ ਹੋਏ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਵੋਟਰ ਰਜਿਸਟਰੇਸ਼ਨ ਵਧਾਉਣ ਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ਈ.ਸੀ.ਆਈ. ਨੈੱਟ ਅਤੇ ਵੋਟਰ ਹੈਲਪਲਾਈਨ ਨੰ. 1950 ਅਤੇ ਚੋਣ ਕਮਿਸ਼ਨ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ ਵੱਖ ਮੋਬਾਇਲ ਐਪਸ ਅਤੇ ਡਿਜੀਟਲ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਰਾਹੀਂ ਨਵੀਂ ਵੋਟ ਰਜਿਸਟਰੇਸ਼ਨ ਕਰਨ, ਪੁਰਾਣੀ ਵੋਟ ਦੇ ਵਿੱਚ ਸੋਧ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ ਕੈਂਪ ਵਿੱਚ ਸਮੂਹ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਬੀ.ਐਡ ਅਤੇ ਐਮ. ਐਡ ਦੀਆਂ ਵਿਦਿਆਰਥਣਾ ਹਰਮਨ, ਹੁਸਨਦੀਪ ਅਤੇ ਹਰਸਿਮਰਨ ਕੌਰ ਨੇ “ਲੋਕਤੰਤਰ ਦੀ ਮਜ਼ਬੂਤੀ ਵਿੱਚ ਨੌਜਵਾਨਾਂ ਦੀ ਭੂਮਿਕਾ” ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਮੰਚ ਸੰਚਾਲਨ ਸਹਾਇਕ ਪ੍ਰੋ ਡਾ ਕੁਲਜੀਤ ਕੌਰ ਵੱਲੋਂ ਕੀਤਾ ਗਿਆ। ਪ੍ਰੋ ਜਗਦੇਵ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦੌਰਾਨ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ।

