ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ


-ਨਰਵਾਣਾ ਰੋਡ ’ਤੇ ਪਿਆ ਕੂੜਾ ਕਰਕਟ ਚੁਕਵਾਇਆ
ਪਾਤੜਾਂ, 20 ਸਤੰਬਰ: ਅਨੁਰਾਗ ਸ਼ਰਮਾ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਵੱਛ ਬਣਾਉਣ ਦੇ ਉਦੇਸ਼ ਨਾਲ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।
ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਨਰਵਾਣਾ ਰੋਡ ’ਤੇ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਗਏ। ਇਸ ਦੌਰਾਨ ਸੜਕ ਦੇ ਆਲੇ-ਦੁਆਲੇ ਪਏ ਕੂੜੇ ਅਤੇ ਗਾਰਬੇਜ ਨੂੰ ਹਟਾ ਕੇ ਇਲਾਕੇ ਦੀ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਸੜਕਾਂ ਦੇ ਆਲੇ-ਦੁਆਲੇ ਖਿੱਲਰੇ ਪਏ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਕੂੜਾ ਵੀ ਇਕੱਠਾ ਕਰਕੇ ਹਟਾਇਆ ਗਿਆ।
ਇਸ ਮੌਕੇ ਨਗਰ ਕੌਂਸਲ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਵੱਛਤਾ ਨੂੰ ਸਿਰਫ਼ ਸਰਕਾਰੀ ਮੁਹਿੰਮ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਹਰ ਨਾਗਰਿਕ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਮੇਵਾਰੀ ਸਮਝੇ। ਲੋਕ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਫ਼ਾਈ ਬਣਾਈ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ।
ਨਗਰ ਕੌਂਸਲ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਅਜਿਹੀਆਂ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।

