ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ
-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ

ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨਾ ਸਾੜਨ: ਡਾ. ਹਿਮਾਂਸ਼ੂ ਅਗਰਵਾਲ

-ਪਟਿਆਲਾ ਜ਼ਿਲ੍ਹੇ ਵਿੱਚ 108 ਮੰਡੀਆਂ ਖਰੀਦ ਕੇਂਦਰ ਵਜੋਂ ਨਿਰਧਾਰਿਤ
ਪਟਿਆਲਾ, 21 ਸਤੰਬਰ: ਅਨੁਰਾਗ ਸ਼ਰਮਾ
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ 108 ਮੰਡੀਆਂ ਨੂੰ ਝੋਨੇ ਦੀ ਖਰੀਦ ਲਈ ਖਰੀਦ ਕੇਂਦਰ ਵਜੋਂ ਨਿਰਧਾਰਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਫ਼ਸਲ ਦੀ ਸਮੇਂ ਸਿਰ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਸੁੱਕੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲ ਦੀ ਕਟਾਈ ਅਤੇ ਮੰਡੀ ਵਿੱਚ ਲਿਆਉਣ ਸਬੰਧੀ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਬਚਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ ਅਤੇ ਸੰਭਵ ਹੋਵੇ ਤਾਂ ਇਸ ਨੂੰ ਖੇਤ ਦੀ ਮਿੱਟੀ ਵਿੱਚ ਹੀ ਮਿਲਾਇਆ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਮਿਲਾਉਣ ਨਾਲ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ, ਉੱਥੇ ਹੀ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਵੀ ਮਦਦ ਮਿਲਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

