ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਦਾ 70ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ
ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਸਿਹਤਮੰਦ ਸਮਾਜ ਦੀ ਸਿਰਜਣਾ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਪਟਿਆਲਾ, 13 ਅਕਤੂਬਰ: ਅਨੁਰਾਗ ਸ਼ਰਮਾ
ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦਾ 70ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸੰਸਥਾ ਨੇ ਭਵਿੱਖ ਦੀਆਂ ਪੀੜ੍ਹੀਆਂ ਦੇ ਨਿਰਮਾਤਾ ਅਧਿਆਪਕਾਂ ਨੂੰ ਸਿੱਖਿਆ ਅਤੇ ਸਿਖਲਾਈ ਪ੍ਰਦਾਨ ਕਰਕੇ ਪੰਜਾਬ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਡਿਪਟੀ ਕਮਿਸ਼ਨਰ ਨੇ ਕਾਲਜ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ 70ਵੇਂ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਨੌਜਵਾਨਾਂ ਨੂੰ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਧੁਨਿਕ ਤਕਨਾਲੋਜੀ ਦੇ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣ, ਤਾਂ ਜੋ ਇੱਕ ਸਿਹਤਮੰਦ, ਜਾਗਰੂਕ ਅਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਕਾਲਜ ਦੀ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਗਰਗ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੰਸਥਾ ਦੇ 70 ਸਾਲਾਂ ਦੇ ਸ਼ਾਨਦਾਰ ਇਤਿਹਾਸ, ਸਿੱਖਿਆ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਅਤੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪ੍ਰਿੰਸੀਪਲ ਨੇ ਡਿਪਟੀ ਕਮਿਸ਼ਨਰ, ਕਾਲਜ ਦੇ ਸਾਬਕਾ ਵਿਦਿਆਰਥੀਆਂ ਅਤੇ ਪੀ.ਟੀ.ਏ. ਦੇ ਮੈਂਬਰਾਂ ਸਮੇਤ ਹੋਰ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।
ਸਥਾਪਨਾ ਦਿਵਸ ਦੇ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਾਉਣ ਸਮੇਤ ਮਹਿੰਦੀ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਅਤੇ ਸਲੋਗਨ ਲੇਖਣ ਮੁਕਾਬਲੇ ਵੀ ਕਰਵਾਏ ਗਏ। ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸੰਗੀਤ ਅਤੇ ਲੋਕ ਨਾਚ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਰੰਗਾਰੰਗ ਬਣਾਇਆ। ਇਸ ਮੌਕੇ ਸਾਲ 1956 ਦੇ ਬੈਚ ਦੇ ਸਾਬਕਾ ਵਿਦਿਆਰਥੀ ਡਾ. ਬਲਵਿੰਦਰ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸਮਾਗਮ ਦਾ ਮੰਚ ਸੰਚਾਲਨ ਨਵਨੀਤ ਕੌਰ ਜੇਜੀ ਅਤੇ ਡਾ. ਕੁਲਜੀਤ ਕੌਰ ਨੇ ਕੀਤਾ, ਜਦਕਿ ਲਾਇਬ੍ਰੇਰੀਅਨ ਰੁਪਿੰਦਰ ਸਿੰਘ ਨੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਐਲੂਮਨੀ ਮੈਂਬਰ ਡਾ. ਜੋਗਿੰਦਰ ਸਿੰਘ ਰਾਣਾ, ਸਤਨਾਮ ਸਿੰਘ ਵਾਲੀਆ, ਪ੍ਰੋ. ਵੀਰਦੇਵ ਸਿੰਘ, ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ, ਡਾ. ਦੀਪਿਕਾ ਰਾਜਪਾਲ, ਅਮਰਜੀਤ ਸਿੰਘ, ਕਪਿਲ ਸੂਦ, ਪੀ.ਟੀ.ਏ. ਮੈਂਬਰ ਸਹਾਇਕ ਪ੍ਰੋਫੈਸਰ ਰਿਤੂ ਕਪੂਰ ਸਮੇਤ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

