ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ


ਪਬਰੀ ਪਟਿਆਲਾ : ਅਨੁਰਾਗ ਸ਼ਰਮਾ
ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਮਨਦੀਪ ਸਿੰਘ ਚੀਮਾ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਦਲਬੀਰ ਸਿੰਘ ਗਿੱਲ, ਜਸਵਿੰਦਰ ਸਿੰਘ, ਸਰਪੰਚ ਪਿੰਡ ਆਕੜੀ ਅਤੇ ਸਕੂਲ ਚੇਅਰਮੈਨ ਕੁਲਵੰਤ ਸਿੰਘ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਅਤੇ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਵਿੱਚ ਸਵਾਗਤੀ ਗੀਤ, ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਨਾਰੀ ਸ਼ਕਤੀ, ਛੇਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਮੋਬਾਈਲ ਦੀ ਲਤ, ਨੌਵੀਂ ਜਮਾਤ (ਸੀ) ਵੱਲੋਂ ਵਿਗਿਆਨ ਅਤੇ ਅੰਧਵਿਸ਼ਵਾਸ ਨਾਲ ਸਬੰਧਤ ਪੇਸ਼ਕਾਰੀ, ਅੱਠਵੀਂ ਜਮਾਤ ਦਾ ਪੰਜਾਬੀ ਲੋਕ ਨਾਚ, ਮਾਈਮ, ਭੰਗੜਾ, ਦਸਵੀਂ ਜਮਾਤ (ਏ ਅਤੇ ਬੀ) ਦਾ ਨਾਚ, ਕੋਰੀਓਗ੍ਰਾਫੀ ਅਤੇ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਾਜ਼ਰੀਨ ਦਾ ਮਨ ਮੋਹ ਲਿਆ।
ਸਮਾਰੋਹ ਦੀ ਇੱਕ ਹੋਰ ਵਿਸ਼ੇਸ਼ ਖਿੱਚ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੀ ਸ਼ਮੂਲੀਅਤ ਰਹੀ। ਇਸ ਮੌਕੇ ਲਖਵੀਰ ਸਿੰਘ, ਬਲਵੀਰ ਸਿੰਘ, ਜਸਵੰਤ ਸਿੰਘ, ਦਲਬੀਰ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਅੰਜੂ ਰਾਣੀ, ਸੁਰਜੀਤ ਸਿੰਘ, ਗੁਰਜੰਟ ਸਿੰਘ, ਇੰਜ. ਰਣਜੀਤ ਸਿੰਘ ਢਿੱਲੋਂ, ਕੋਮਲਦੀਪ ਕੌਰ, ਅਦਿੱਤਿਆ ਰਾਣਾ, ਅੰਮ੍ਰਿਤਪਾਲ ਸਿੰਘ ਅਤੇ ਅਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਸਮਾਗਮ ਵਿੱਚ ਪਹੁੰਚੇ। ਇਹ ਸਾਬਕਾ ਵਿਦਿਆਰਥੀ ਅੱਜ ਭਾਰਤੀ ਫ਼ੌਜ, ਪੰਜਾਬ ਪੁਲਿਸ, ਪੀ.ਐੱਸ.ਪੀ.ਸੀ.ਐੱਲ., ਸਿਹਤ ਵਿਭਾਗ, ਮਾਲ ਵਿਭਾਗ ਅਤੇ ਹੋਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਸਮਾਗਮ ਵਿੱਚ ਸ਼ਮੂਲੀਅਤ ਨੇ ਸਕੂਲ ਨਾਲ ਉਨ੍ਹਾਂ ਦੀ ਗੂੜ੍ਹੀ ਸਾਂਝ ਅਤੇ ਮੋਹ ਨੂੰ ਦਰਸਾਇਆ। ਉਨ੍ਹਾਂ ਦੀਆਂ ਪ੍ਰਾਪਤੀਆਂ ਮੌਜੂਦਾ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਬਣੀਆਂ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨਦੀਪ ਸਿੰਘ ਚੀਮਾ ਨੇ ਕਿਹਾ ਕਿ ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਸਾਲ ਭਰ ਦੀ ਮਿਹਨਤ, ਪ੍ਰਾਪਤੀਆਂ ਅਤੇ ਪ੍ਰਤਿਭਾ ਨੂੰ ਸਨਮਾਨਿਤ ਕਰਨ ਦਾ ਮਹੱਤਵਪੂਰਨ ਮੌਕਾ ਹੁੰਦਾ ਹੈ। ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੀ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਲੈਕਚਰਾਰ ਅਮਰੀਕ ਸਿੰਘ ਨੇ ਸਕੂਲ ਦੇ ਸਾਬਕਾ ਵਿਦਿਆਰਥੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਮਾਸਟਰ ਅਕਸ਼ੈ ਕੁਮਾਰ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਮਾਸਟਰ ਵਿੱਕੀ ਸ਼ਰਮਾ ਅਤੇ ਮਾਸਟਰ ਸੰਦੀਪ ਸਿੰਘ ਬਾਜਵਾ ਨੇ ਬਹੁਤ ਹੀ ਸੁਰੀਲੇ ਅਤੇ ਖੂਬਸੂਰਤ ਗੀਤਾਂ ਦੀ ਪੇਸ਼ਕਾਰੀ ਕਰਕੇ ਸਮਾਗਮ ਵਿੱਚ ਸੰਗੀਤਕ ਰੰਗ ਭਰ ਦਿੱਤੇ ਅਤੇ ਹਾਜ਼ਰੀਨ ਦਾ ਮਨੋਰੰਜਨ ਕੀਤਾ।
ਇਸ ਮੌਕੇ ਤੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮੈਡਮ ਅਮਿਤਾ ਘਈ ਅਤੇ ਮੈਡਮ ਸੁਮਿਤਾ ਖੁਰਾਣਾ ਨੇ ਬਾਖੂਬੀ ਨਿਭਾਈ।
ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਭੰਗੜਾ ਕੋਚ ਸਤੀਸ਼ ਪੰਡਿਤ , ਹਰਿੰਦਰ ਰੰਧਾਵਾ, ਲਾਹੜੀ ਰਾਜਪੁਰਾ,ਗੁਰਪ੍ਰੀਤ ਸਿੰਘ,ਸੁਖਬੀਰ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਕੂਲ ਦਾ ਸਮੂਹ ਸਟਾਫ਼ ਮੈਂਬਰ ਵੀ ਇਸ ਮੌਕੇ ਹਾਜ਼ਰ ਸੀ। ਅੰਤ ਵਿੱਚ ਸਕੂਲ ਪ੍ਰਿੰਸੀਪਲ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਸਾਬਕਾ ਵਿਦਿਆਰਥੀਆਂ, ਭੰਗੜਾ ਕੋਚਾਂ ਅਤੇ ਸਮੂਹ ਸਟਾਫ਼ ਦਾ ਸਮਾਗਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ ਗਿਆ।




