Punjab News : ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ…ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅੱਜ ਦੁਪਹਿਰ 12 ਵਜੇ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚਣਗੇ। ਇੱਥੇ ਉਹ ਆਪਣੀ ਦਾਦੀ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। ਪਿੰਡ ਵਿੱਚ ਇਸ ਸਮੇਂ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ ਰਸਮਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਇਸੇ ਤਹਿਤ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਰਿਵਾਰ ਨਾਲ ਰਹਿ ਸਕਣਗੇ ਅਤੇ ਮਾਤਾ ਚਰਨ ਕੌਰ ਜੀ ਨੂੰ ਅੰਤਿਮ ਵਿਦਾਈ ਦੇਣਗੇ। ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚੇ ਹਨ। ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪਹਿਲਾਂ ਦਿੱਲੀ ਅਤੇ ਫਿਰ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ।
ਉੱਧਰ, ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਦੇਖਦਿਆਂ ਪੰਜਾਬ ਪੁਲਿਸ ਵੱਲੋਂ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਏਅਰਪੋਰਟ ਤੋਂ ਉਨ੍ਹਾਂ ਨੂੰ ਬੁਲੇਟਪਰੂਫ ਗੱਡੀ ਵਿੱਚ ਪੁਲਿਸ ਦੇ ਕਾਫ਼ਲੇ ਨਾਲ ਜੱਦੀ ਪਿੰਡ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ ਦੇ ਅੱਗੇ ਅਤੇ ਪਿੱਛੇ ਪੁਲਿਸ ਦੀਆਂ ਕਈ ਗੱਡੀਆਂ ਤਾਇਨਾਤ ਹਨ। ਪੁਲਿਸ ਦੀ ਨਿਗਰਾਨੀ ਹੇਠ ਹੀ ਉਨ੍ਹਾਂ ਨੂੰ ਪਿੰਡ ਲਿਆਂਦਾ ਜਾਵੇਗਾ ਅਤੇ ਤੈਅ ਸਮੇਂ ਅਨੁਸਾਰ ਵਾਪਸ ਲਿਜਾਇਆ ਜਾਵੇਗਾ। ਦੱਸਣਯੋਗ ਹੈ ਕਿ ਅਦਾਲਤ ਦੇ ਹੁਕਮਾਂ ਮੁਤਾਬਕ ਦੁਪਹਿਰ 3 ਵਜੇ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੜ ਪੁਲਿਸ ਹਿਰਾਸਤ ਵਿੱਚ ਲੈ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਜਾਵੇਗਾ। ਫਿਲਹਾਲ ਪਿੰਡ ਜੱਲੂਪੁਰ ਖੇੜਾ ਵਿੱਚ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਹਰ ਕਿਸੇ ਦੀਆਂ ਨਜ਼ਰਾਂ ਦੁਪਹਿਰ 12 ਵਜੇ ਹੋਣ ਵਾਲੀ ਅੰਮ੍ਰਿਤਪਾਲ ਸਿੰਘ ਦੀ ਆਮਦ ‘ਤੇ ਟਿਕੀਆਂ ਹੋਈਆਂ ਹਨ।




