ਅੰਮ੍ਰਿਤਪਾਲ ਦੇ ਪਿੰਡ ਪਹੁੰਚੇ ਝੋਟਾ ਦੇ ਪਿਤਾ! ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਕੀਤੀ ਅਪੀਲ

Punjab News : ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਮੌਕੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਇਸੇ ਦੌਰਾਨ ਮਰਹੂਮ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੀ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭੀਮ ਸਿੰਘ ਨੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉੱਥੇ ਹੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ। ਭੀਮ ਸਿੰਘ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਖੜ੍ਹੇ ਹਨ ਅਤੇ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਹੁੰਚੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਸਮੇਤ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਜਲਦੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਲਈ ਸਰਕਾਰ ਨੂੰ ਗੰਭੀਰਤਾ ਨਾਲ ਫ਼ੈਸਲਾ ਲੈਣਾ ਚਾਹੀਦਾ ਹੈ।

ਗੱਲਬਾਤ ਦੌਰਾਨ ਭੀਮ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਲੱਗੇ ਮੋਰਚਿਆਂ ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਹਿਲਾਂ ਵੀ ਵੱਡੇ ਪੱਧਰ ‘ਤੇ ਸੰਘਰਸ਼ ਅਤੇ ਮੋਰਚੇ ਲਗਾਏ ਜਾ ਚੁੱਕੇ ਹਨ, ਪਰ ਉਨ੍ਹਾਂ ਮੁਤਾਬਕ ਸਰਕਾਰਾਂ ਨੇ ਇਸ ਮੰਗ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਨੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਉੱਠ ਰਹੀ ਹੈ ਤਾਂ ਸਰਕਾਰਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਠੋਸ ਫ਼ੈਸਲਾ ਕਿਉਂ ਨਹੀਂ ਲਿਆ ਜਾ ਰਿਹਾ? ਭੀਮ ਸਿੰਘ ਨੇ ਇੱਕ ਵਾਰ ਫਿਰ ਆਪਣੀ ਮੰਗ ਦੁਹਰਾਉਂਦਿਆਂ ਕਿਹਾ ਕਿ ਸਰਕਾਰ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਲਈ ਜਲਦੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੁਤਾਬਕ ਜੇਲ੍ਹਾਂ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਮਾਮਲੇ ਨੂੰ ਲੰਮਾ ਸਮਾਂ ਲਟਕਾਉਣ ਦੀ ਬਜਾਏ ਇਸ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਫਿਲਹਾਲ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਉੱਥੇ ਹੀ ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ।

Related Post