Punjab News : ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ… ਅੰਮ੍ਰਿਤਸਰ ਏਅਰਪੋਰਟ ਤੋਂ ਹੁਣ ਉਹ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋ ਗਏ ਨੇ। ਏਅਰਪੋਰਟ ਤੋਂ ਉਨ੍ਹਾਂ ਨੂੰ ਬੁਲੇਟਪਰੂਫ ਗੱਡੀ ਵਿੱਚ ਸਖ਼ਤ ਪੁਲਿਸ ਸੁਰੱਖਿਆ ਹੇਠ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਦੀ ਗੱਡੀ ਦੇ ਅੱਗੇ ਅਤੇ ਪਿੱਛੇ ਪੁਲਿਸ ਦੀਆਂ ਕਈ ਗੱਡੀਆਂ ਤਾਇਨਾਤ ਨੇ। ਅੰਮ੍ਰਿਤਪਾਲ ਸਿੰਘ ਅੱਜ ਆਪਣੇ ਪਿੰਡ ਪਹੁੰਚ ਕੇ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਵੇਰੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਏਅਰਪੋਰਟ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪਹਿਲਾਂ ਦਿੱਲੀ ਲਿਆਂਦਾ ਗਿਆ ਅਤੇ ਫਿਰ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚਾਇਆ ਗਿਆ। ਦਰਅਸਲ, ਉਨ੍ਹਾਂ ਦੀ ਦਾਦੀ ਚਰਨ ਕੌਰ ਦਾ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਅਦਾਲਤ ਵੱਲੋਂ ਉਨ੍ਹਾਂ ਨੂੰ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ।
ਅਦਾਲਤੀ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਰਿਵਾਰ ਨਾਲ ਰਹਿ ਸਕਣਗੇ ਅਤੇ ਇਸੇ ਸਮੇਂ ਦੌਰਾਨ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਪੁਲਿਸ ਹਿਰਾਸਤ ਵਿੱਚ ਲੈ ਕੇ ਜੇਲ੍ਹ ਵਾਪਸ ਭੇਜ ਦਿੱਤਾ ਜਾਵੇਗਾ। ਇਸ ਪੂਰੇ ਸਫ਼ਰ ਦੌਰਾਨ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਉਨ੍ਹਾਂ ਦੀ ਆਮਦ ਅਤੇ ਵਾਪਸੀ ਦੀ ਪ੍ਰਕਿਰਿਆ ਨੂੰ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ ਲਈ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਉਨ੍ਹਾਂ ਨੂੰ ਬੀਤੇ ਕੱਲ੍ਹ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਸੀ, ਜਿੱਥੇ ਰਾਤ ਸਮੇਂ ਉਨ੍ਹਾਂ ਨੂੰ ਸੁਰੱਖਿਅਤ ਘਰ ਯਾਨੀ ਸੇਫ ਹਾਊਸ ਵਿੱਚ ਰੱਖਿਆ ਗਿਆ। ਹੁਣ ਹਰ ਕਿਸੇ ਦੀਆਂ ਨਜ਼ਰਾਂ ਜੱਲੂਪੁਰ ਖੇੜਾ ਪਿੰਡ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਸਾਢੇ ਤਿੰਨ ਸਾਲ ਬਾਅਦ ਪੰਜਾਬ ਦੀ ਧਰਤੀ ‘ਤੇ ਪਹੁੰਚੇ ਅੰਮ੍ਰਿਤਪਾਲ ਸਿੰਘ ਦੀ ਇਹ ਫੇਰੀ ਸਿਰਫ਼ ਤਿੰਨ ਘੰਟਿਆਂ ਦੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਜਾਵੇਗਾ।




