Amritsar News : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਵਿੱਚ ਹੁਣ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਧਾਮੀ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਜਦੋਂ ਵੀ ਕੋਈ ਰਿਕਾਰਡ ਜਾਂ ਜਾਣਕਾਰੀ ਮੰਗੀ ਗਈ, ਉਹ ਮੁਹੱਈਆ ਕਰਵਾਈ ਗਈ ਹੈ। ਪਰ ਹੁਣ ਸਿੱਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਨਾਲ ਜੁੜੀਆਂ ਜਾਣਕਾਰੀਆਂ ਮੰਗੀਆਂ ਜਾ ਰਹੀਆਂ ਹਨ।
ਇਨ੍ਹਾਂ ਵਿੱਚ ਬੈਂਕ ਖਾਤੇ, ਲੈਣ-ਦੇਣ, ਬੈਲੇਂਸ ਸ਼ੀਟਾਂ ਅਤੇ ਗੁਰਬਾਣੀ ਪ੍ਰਸਾਰਣ ਨਾਲ ਸਬੰਧਤ ਸਮਝੌਤਿਆਂ ਦੀ ਜਾਣਕਾਰੀ ਵੀ ਸ਼ਾਮਲ ਹੈ। ਧਾਮੀ ਨੇ ਕਿਹਾ ਕਿ ਇਹ ਜਾਣਕਾਰੀਆਂ 328 ਪਾਵਨ ਸਰੂਪਾਂ ਦੇ ਮਾਮਲੇ ਨਾਲ ਕਿਸੇ ਵੀ ਤਰ੍ਹਾਂ ਸੰਬੰਧਿਤ ਨਹੀਂ ਹਨ ਅਤੇ ਇਸਨੂੰ ਸੰਸਥਾ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਜਥੇਦਾਰ ਸਾਹਿਬ ਤੋਂ ਇਸ ਮਾਮਲੇ ’ਤੇ ਵਿਚਾਰ ਕਰਕੇ ਯੋਗ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਧਾਰਮਿਕ ਅਤੇ ਪ੍ਰਬੰਧਕੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

