Punjab News : ਕੱਲ੍ਹ ਚੰਡੀਗੜ੍ਹ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਤਣਾਅ ਦਾ ਮਾਹੌਲ ਦੇਖਣ ਨੂੰ ਮਿਲਿਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਲਾਚੌਰ ਦੇ ਮੁੱਖ ਚੌਕ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਗਵਰਨਰ ਦੇ ਪੁੱਤਲੇ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਚੰਡੀਗੜ੍ਹ ਪੁਲਿਸ ਅਤੇ ਪ੍ਰਸ਼ਾਸਨ ’ਤੇ ਦੋਸ਼ ਲਗਾਇਆ ਕਿ ਸ਼ਾਂਤਮਈ ਢੰਗ ਨਾਲ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ। ਰੋਸ ਪ੍ਰਦਰਸ਼ਨ ਦੌਰਾਨ ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਔਜਲਾ, ਹਰਵਿੰਦਰ ਸਿੰਘ ਚਾਹਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੀ ਤਰ੍ਹਾਂ ਸ਼ਾਂਤਮਈ ਤਰੀਕੇ ਨਾਲ ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ, ਪਰ ਚੰਡੀਗੜ੍ਹ ਦੀਆਂ ਹੱਦਾਂ ’ਤੇ ਹੀ ਉਨ੍ਹਾਂ ਨੂੰ ਰੋਕ ਲਿਆ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਉਹ ਧਰਤੀ ਹੈ ਜੋ ਪੰਜਾਬ ਦੇ ਸੈਂਕੜੇ ਪਿੰਡ ਉਜਾੜ ਕੇ ਵਸਾਈ ਗਈ ਸੀ, ਪਰ ਅੱਜ ਉਸੇ ਧਰਤੀ ’ਤੇ ਪੰਜਾਬ ਦੇ ਕਿਸਾਨਾਂ ਨੂੰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਜਲ ਤੋਪਾਂ, ਅੱਥਰੂ ਗੈਸ ਅਤੇ ਡਾਂਗਾ-ਸੋਟਿਆਂ ਦੀ ਵਰਤੋਂ ਕਰਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਰਾਣਾ, ਗੁਰਮੁੱਖ ਸਿੰਘ ਅਤੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੇ ਅਤੇ ਸਰਕਾਰ ਦੀਆਂ ਨੀਤੀਆਂ ਖਿਲਾਫ਼ ਆਵਾਜ਼ ਬੁਲੰਦ ਕਰਦੇ ਰਹਿਣਗੇ।

