ਘਨੌਰ : ਘਨੌਰ ਹਲਕੇ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਲੁਧਿਆਣਾ ਵਿੱਚ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਟੈਕਸੀ ਚਾਲਕ ਰਣਜੋਤ ਸਿੰਘ ਦੇ ਘਰ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਇਨਸਾਫ਼ ਮਿਲਣ ਤੱਕ ਹਰ ਪੱਧਰ ‘ਤੇ ਸੰਘਰਸ਼ ਕਰਦਾ ਰਹੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਪੰਜਾਬ ਵਿੱਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਅਤੇ ਨੀਅਤ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਦੀ ਰਾਖੀ ਕਰਨ ਵਾਲੀ ਪੁਲਿਸ ਹੀ ਜ਼ਾਲਮ ਬਣ ਜਾਵੇ, ਤਾਂ ਆਮ ਨਾਗਰਿਕ ਇਨਸਾਫ਼ ਲਈ ਕਿੱਥੇ ਜਾਵੇ? ਝਿੰਜਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੱਜ ਦਾ ਪੰਜਾਬ ਕਾਂਗਰਸ ਦੇ ਕਾਲੇ ਦੌਰ ਦੀ ਯਾਦ ਦਿਲਾ ਰਿਹਾ ਹੈ, ਜਦੋਂ ਨੌਜਵਾਨਾਂ ‘ਤੇ ਝੂਠੇ ਕੇਸ, ਤਸ਼ੱਦਦ ਅਤੇ ਧੱਕਾ-ਜ਼ਬਰ ਆਮ ਗੱਲ ਸੀ।
ਜਲੰਧਰ ਦੀ ਮਾਰਕਿਟ ‘ਚ ਭਖਿਆ ਮਾਹੌਲ, ਮੁੰਡੇ ਦੀ ਰੌਲੀ ਪੱਗ,ਵੀਡੀਓ ਵਾਇਰਲ
ਉਨ੍ਹਾਂ ਦੋਸ਼ ਲਗਾਇਆ ਕਿ ਅੱਜ ਵੀ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਬੰਨ੍ਹਣ, ਦਾੜੇ ਰੱਖਣ ਅਤੇ ਆਪਣੀ ਪਛਾਣ ਨਾਲ ਜਿਉਣ ਤੋਂ ਰੋਕਿਆ ਜਾ ਰਿਹਾ ਹੈ, ਜੋ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੀ ਸਿੱਖ ਕੌਮ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਘਿਨਾਉਣੀ ਘਟਨਾ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਨਾ ਕੀਤੀ ਗਈ, ਤਾਂ ਸ਼੍ਰੋਮਣੀ ਅਕਾਲੀ ਦਲ ਸੜਕਾਂ ‘ਤੇ ਉਤਰ ਕੇ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਝਿੰਜਰ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਦਿੱਲੀ ਤੋਂ ਚਲ ਰਹੀਆਂ ਨੀਤੀਆਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ ਅਤੇ ਮਨੀਸ਼ ਸਿਸੋਦੀਆ ਦੀ “ਸਾਮ-ਦਾਮ-ਦੰਡ-ਭੇਦ” ਵਾਲੀ ਨੀਤੀ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹੈ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਅਜੇ ਤੱਕ ਪੀੜਤ ਪਰਿਵਾਰ ਦੀ ਸਾਰ ਲੈਣ ਨਹੀਂ ਪਹੁੰਚਿਆ, ਜੋ ਸਰਕਾਰ ਦੀ ਬੇਰੁਖ਼ੀ ਅਤੇ ਅਸੰਵੇਦਨਸ਼ੀਲਤਾ ਨੂੰ ਸਾਫ਼ ਦਰਸਾਉਂਦਾ ਹੈ।
ਡੇਰਾ ਬਿਆਸ ਮੁਖੀ ਨਾਲ ਮਿਲਣ ਮਗਰੋਂ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਨਿਸ਼ਕਾਮ ਸੇਵਾ ਕੀਤੀ ਹੈ। ਸਿੱਖ ਨੌਜਵਾਨਾਂ ਨਾਲ ਹੋ ਰਹਾ ਧੱਕਾ-ਜ਼ਬਰ ਸਿਰਫ਼ ਇੱਕ ਪਰਿਵਾਰ ਨਹੀਂ, ਸਗੋਂ ਪੰਜਾਬ ਦੀ ਭਾਈਚਾਰਕ ਸਾਂਝ, ਸਾਂਝੀ ਸੰਸਕ੍ਰਿਤੀ ਅਤੇ ਆਪਸੀ ਭਰੋਸੇ ‘ਤੇ ਸਿੱਧਾ ਹਮਲਾ ਹੈ, ਜਿਸਨੂੰ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਕਾਂਗਰਸ ‘ਤੇ ਵੀ ਤਿੱਖਾ ਨਿਸ਼ਾਨਾ ਸਾਧਦਿਆਂ ਝਿੰਜਰ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਸਿੱਖ ਵਿਰੋਧੀ ਸੋਚ ਵਿੱਚ ਇੱਕੋ ਸਿੱਕੇ ਦੇ ਦੋ ਪਾਸੇ ਹਨ। ਕਾਂਗਰਸ ਨੇ ਜੋ ਜ਼ਖ਼ਮ ਪੰਜਾਬ ਨੂੰ ਦਿੱਤੇ ਸਨ, ਅੱਜ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਹੋਰ ਗਹਿਰਾ ਕਰ ਰਹੀ ਹੈ। ਅਖੀਰ ‘ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਚੁੱਪ ਇਹ ਸਾਬਤ ਕਰਦੀ ਹੈ ਕਿ ਪੁਲਿਸ ਨੂੰ ਖੁੱਲ੍ਹੀ ਛੂਟ ਦਿੱਤੀ ਜਾ ਰਹੀ ਹੈ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 6 ਕਰੋੜ ਰੁਪਏ ਨਾਲ ਬਣਨ ਵਾਲੀਆਂ ਸ਼ਹਿਰ ਦੀ ਪ੍ਰਮੁੱਖ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ
ਧਰਮ ਦੇ ਆਧਾਰ ‘ਤੇ ਕਿਸੇ ਵੀ ਨੌਜਵਾਨ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਸਹਿਣ ਨਹੀਂ ਕਰੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮਾਜ ਵਿਰੋਧੀ ਅਤੇ ਧਰਮ ਵਿਰੋਧੀ ਤੱਤਾਂ ਨੂੰ ਤੁਰੰਤ ਨੱਥ ਨਾ ਪਾਇਆ ਗਿਆ, ਤਾਂ ਪੰਜਾਬ ਦਾ ਅਮਨ-ਚੈਨ ਖ਼ਤਰੇ ਵਿੱਚ ਪੈ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਪੀੜਤ ਰਣਜੋਤ ਸਿੰਘ ਨੂੰ ਇਨਸਾਫ਼ ਦਿਵਾ ਕੇ ਰਹੇਗਾ ਅਤੇ ਸਿੱਖ ਕੌਮ ਦੀ ਇਜ਼ਤ ‘ਤੇ ਹੋਣ ਵਾਲਾ ਕੋਈ ਵੀ ਹਮਲਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਕਵਿੰਦਰ ਸਿੰਘ ਗਾਬੜੀਆ, ਜਸਕਰਨ ਸਿੰਘ ਦਿਓਲ, ਅਮਨਜੋਤ ਗੋਲਵੜੀਆ, ਜਸਦੀਪ ਸਿੰਘ ਕੌਕੇ, ਸਿਮਰਨਜੀਤ ਸਿੰਘ ਹਨੀ ਚੰਡੋਕ, ਸਿਮਰਨ ਸਿੰਘ ਢੰਡੋਕ, ਕਵਲਜੀਤ ਸਿੰਘ, ਪ੍ਰਿਤਪਾਲ ਸਿੰਘ ਰੰਧਾਵਾ, ਬਲਜਿੰਦਰ ਸਿੰਘ, ਪ੍ਰੀਤਮ ਸਿੰਘ ਖ਼ਾਲਸਾ, ਜਤਿੰਦਰ ਸਿੰਘ ਖ਼ਾਲਸਾ, ਭਵਨਜੀਤ ਸਿੱਧੂ, ਉਪਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਮਾਂਗਟ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ।

