Punjab News : ਗੰਨਾ ਕਿਸਾਨਾਂ ਦੀ ਮਿਹਨਤ ਖੇਤਾਂ ‘ਚ ਤਾਂ ਪੱਕ ਕੇ ਤਿਆਰ ਹੋ ਗਈ, ਪਰ ਜਦੋਂ ਆਪਣੀ ਫ਼ਸਲ ਦੀ ਕਮਾਈ ਲੈਣ ਦੀ ਵਾਰੀ ਆਈ ਤਾਂ ਕਿਸਾਨਾਂ ਨੂੰ ਮਿਲ ਰਹੀਆਂ ਨੇ ਸਿਰਫ਼ ਉਡੀਕਾਂ! ਹੁਣ ਇਸੇ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ ਹੈ। ਫਗਵਾੜਾ ਦੀ ਖੰਡ ਮਿੱਲ ਵੱਲੋਂ ਕਰੋੜਾਂ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ ‘ਚ ਕਿਸਾਨਾਂ ਨੇ ਸੜਕਾਂ ‘ਤੇ ਉਤਰਨ ਦਾ ਐਲਾਨ ਕਰ ਦਿੱਤਾ ਹੈ। 26 ਨਵੰਬਰ ਨੂੰ ਹੋਣ ਵਾਲੇ ਇਸ ਪ੍ਰਦਰਸ਼ਨ ਦੌਰਾਨ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ। ਦਰਅਸਲ, ਫਗਵਾੜਾ ਦੀ ਖੰਡ ਮਿੱਲ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦਾ 27 ਕਰੋੜ 84 ਲੱਖ ਰੁਪਏ ਦਾ ਬਕਾਇਆ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ। ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਨੇ 26 ਨਵੰਬਰ ਨੂੰ ਮਿੱਲ ਚੌਕ ਵਿਖੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਮਨਜੀਤ ਸਿੰਘ ਰਾਏ ਮੁਤਾਬਕ, 26 ਨਵੰਬਰ ਨੂੰ ਸਵੇਰੇ 10 ਵਜੇ ਕਿਸਾਨ ਖੰਡ ਮਿੱਲ ਦੇ ਮੁੱਖ ਗੇਟ ਦੇ ਬਾਹਰ ਇਕੱਠੇ ਹੋਣਗੇ। ਇੱਥੋਂ ਇਕੱਠੇ ਹੋ ਕੇ ਮਿੱਲ ਚੌਕ ਵਿਖੇ ਧਰਨਾ ਦਿੱਤਾ ਜਾਵੇਗਾ। ਕਿਸਾਨਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਫਗਵਾੜਾ ਨੈਸ਼ਨਲ ਹਾਈਵੇਅ ‘ਤੇ ਆਵਾਜਾਈ ਠੱਪ ਕੀਤੀ ਜਾਵੇਗੀ। ਇਸ ਪ੍ਰਦਰਸ਼ਨ ਵਿੱਚ ਕਈ ਕਿਸਾਨ ਜਥੇਬੰਦੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਗੰਨੇ ਦੀ ਫ਼ਸਲ ਦਾ ਬਕਾਇਆ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ। ਕਿਸਾਨ ਆਪਣੀ ਫ਼ਸਲ ਮਿੱਲ ਨੂੰ ਦੇ ਚੁੱਕੇ ਹਨ, ਪਰ ਉਨ੍ਹਾਂ ਨੂੰ ਆਪਣੀ ਮਿਹਨਤ ਦੀ ਕਮਾਈ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਿਰਫ਼ ਖੰਡ ਮਿੱਲ ਵੱਲ ਹੀ ਨਹੀਂ, ਸਗੋਂ ਪੰਜਾਬ ਸਰਕਾਰ ਵੱਲ ਵੀ ਕਿਸਾਨਾਂ ਦਾ ਲਗਭਗ 18 ਕਰੋੜ 93 ਲੱਖ ਰੁਪਏ ਬਕਾਇਆ ਪਿਆ ਹੈ। ਯਾਨੀ ਕਿ ਖੰਡ ਮਿੱਲ ਅਤੇ ਪੰਜਾਬ ਸਰਕਾਰ ਵੱਲ ਕਿਸਾਨਾਂ ਦੀ ਕੁੱਲ 46 ਕਰੋੜ 77 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਬਕਾਇਆ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਖੰਡ ਮਿੱਲ ਵੱਲੋਂ 27.84 ਕਰੋੜ ਰੁਪਏ ਅਤੇ ਪੰਜਾਬ ਸਰਕਾਰ ਵੱਲੋਂ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਇਸ ਦੇ ਨਾਲ ਹੀ ਗੰਨੇ ਦੀ ਖ਼ਰੀਦ ਕੀਮਤ ਵਿੱਚ ਵੀ ਵਾਧਾ ਕੀਤਾ ਜਾਵੇ। ਉੱਧਰ, 26 ਨਵੰਬਰ ਦੇ ਪ੍ਰਦਰਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਿਸਾਨ ਆਗੂਆਂ ਨੇ ਮਿੱਲ ਚੌਕ ਦਾ ਦੌਰਾ ਵੀ ਕੀਤਾ ਹੈ। ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਖੰਡ ਮਿੱਲ ਪ੍ਰਬੰਧਕਾਂ ਅਤੇ ਪੰਜਾਬ ਸਰਕਾਰ ਵੱਲੋਂ ਬਕਾਇਆ ਅਦਾਇਗੀ ਨੂੰ ਲੈ ਕੇ ਕੀ ਕਦਮ ਚੁੱਕੇ ਜਾਂਦੇ ਹਨ। ਫਿਲਹਾਲ ਕਿਸਾਨਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਰੁਖ਼ ਅਖ਼ਤਿਆਰ ਕਰ ਲਿਆ ਹੈ।




