ਚੰਡੀਗੜ੍ਹ : ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਦੇ ਅੰਦਰ ਹਲਚਲ ਤੇਜ਼ ਹੋ ਗਈ ਹੈ। ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਵਿੱਚ ਬਗਾਵਤ ਦੇ ਸੰਕੇਤ ਮਿਲਣ ਲੱਗੇ ਹਨ। ਹਾਲਾਤ ਇਹ ਹਨ ਕਿ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਹੀ ਪਾਰਟੀ ਦੇ ਕੁਝ ਆਗੂਆਂ ਦੀ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਹੈ। ਦਰਅਸਲ, ਇਸ ਸਾਲ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਦੀਵਾਲੀ ਤੋਂ ਪਹਿਲਾਂ ਹੀ ਪਾਰਟੀਆਂ ਦੇ ਅੰਦਰ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਸੀ ਅਤੇ ਹੁਣ ਜਲਦ ਹੀ ਦੋਵੇਂ ਪਾਰਟੀਆਂ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।
ਚਰਚਾ ਹੈ ਕਿ ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਜਰਾਲ ਪਾਰਟੀ ਛੱਡ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਸੈਕਟਰ 34 ਤੋਂ ਨਗਰ ਨਿਗਮ ਚੋਣ ਲੜਨ ਦੇ ਇੱਛੁਕ ਹਨ, ਪਰ ਇੱਥੋਂ ਉਨ੍ਹਾਂ ਦੀ ਟਿਕਟ ਪੱਕੀ ਨਹੀਂ ਮੰਨੀ ਜਾ ਰਹੀ। ਇਸੇ ਕਾਰਨ ਉਨ੍ਹਾਂ ਦੀ ਨਾਰਾਜ਼ਗੀ ਦੀਆਂ ਚਰਚਾਵਾਂ ਹਨ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਸਕਦੇ ਹਨ। ਹਾਲਾਂਕਿ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ।




