Punjab News : ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ ‘ਤੇ ਪਹੁੰਚੇ ਹਨ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਵੀ ਮੌਜੂਦ ਸਨ। ਹਵਾਈ ਅੱਡੇ ਤੋਂ ਸਿੱਧਾ ਪਰਗਟ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਹ ਅੱਜ ਸ਼ੁਕਰਾਨਾ ਕਰਨ ਲਈ ਆਏ ਹਨ।
ਉਨ੍ਹਾਂ ਸਪੱਸ਼ਟ ਕੀਤਾ, “ਅੱਜ ਰਾਜਨੀਤੀ ਦਾ ਦਿਨ ਨਹੀਂ ਹੈ। ਮੈਂ ਰਾਜਨੀਤੀ ਜ਼ਰੂਰ ਕਰਾਂਗਾ, ਪਰ ਇੱਕ-ਦੋ ਦਿਨਾਂ ਬਾਅਦ।” ਪਾਰਟੀ ‘ਚ ਗੁੱਟਬਾਜ਼ੀ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ। ਸਭ ਦੀ ਆਪਣੀ-ਆਪਣੀ ਰਾਏ ਹੋ ਸਕਦੀ ਹੈ। ਉਨ੍ਹਾਂ ਕਿਹਾ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਇੱਕਜੁੱਟ ਹੋ ਕੇ ਲੜੇਗੀ। ਦੱਸਿਆ ਜਾ ਰਿਹਾ ਹੈ ਕਿ ਅਨੁਸਾਰ ਪਰਗਟ ਸਿੰਘ ਅੰਮ੍ਰਿਤਸਰ ਵਿਖੇ ਸਾਰੇ ਧਰਮਾਂ ਦੇ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣਗੇ। ਅੰਮ੍ਰਿਤਸਰ ਤੋਂ ਬਾਅਦ ਉਹ ਮੋਹਾਲੀ ਵਿਖੇ ਕਾਂਗਰਸ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਕਰਨਗੇ। ਇਸ ਤੋਂ ਅਗਲੇ ਦਿਨ ਉਨ੍ਹਾਂ ਦਾ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਮੱਥਾ ਟੇਕਣ ਦਾ ਪ੍ਰੋਗਰਾਮ ਹੈ।

