ਪੰਜਾਬੀ Singer ਦੇ ਕਤਲ ‘ਚ ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ

Punjab News : ਗਾਇਕਾ ਇੰਦਰ ਕੌਰ ਉਰਫ਼ ਯਸ਼ਇੰਦਰ ਕਤਲ ਮਾਮਲੇ ਵਿੱਚ ਲੁਧਿਆਣਾ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮੁੱਖ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਅਦਾਲਤ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ ਗਿਆ ਹੈ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸੁਖਵਿੰਦਰ ਸਿੰਘ ਇੰਦਰ ਕੌਰ ਨਾਲ ਜ਼ਬਰਦਸਤੀ ਵਿਆਹ ਕਰਨਾ ਚਾਹੁੰਦਾ ਸੀ। ਪਰ ਜਦੋਂ ਇੰਦਰ ਨੂੰ ਪਤਾ ਲੱਗਾ ਕਿ ਸੁਖਵਿੰਦਰ ਪਹਿਲਾਂ ਹੀ ਵਿਆਹਿਆ ਹੋਇਆ ਹੈ ਅਤੇ ਦੋ ਬੱਚਿਆਂ ਦਾ ਪਿਤਾ ਹੈ, ਤਾਂ ਉਸ ਨੇ ਵਿਆਹ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਗੱਲ ਨੂੰ ਲੈ ਕੇ ਸੁਖਵਿੰਦਰ ਰੰਜਿਸ਼ ਰੱਖਣ ਲੱਗ ਪਿਆ ਅਤੇ ਉਸ ਨੇ ਆਪਣੇ ਪਿਤਾ ਅਤੇ ਸਾਥੀਆਂ ਨਾਲ ਮਿਲ ਕੇ ਕਤਲ ਦੀ ਸਾਜ਼ਿਸ਼ ਰਚੀ।

ਜਾਣਕਾਰੀ ਅਨੁਸਾਰ, 13 ਮਈ ਦੀ ਰਾਤ ਇੰਦਰ ਕੌਰ ਨੂੰ ਨੀਲੋਂ ਨਹਿਰ ਦੇ ਪੁਲ ’ਤੇ ਬੁਲਾਇਆ ਗਿਆ, ਜਿੱਥੇ ਪਹਿਲਾਂ ਤੋਂ ਮੌਜੂਦ ਮੁਲਜ਼ਮਾਂ ਨੇ ਉਸ ਨੂੰ ਕਾਰ ਸਮੇਤ ਅਗਵਾ ਕਰ ਲਿਆ। ਇਸ ਤੋਂ ਬਾਅਦ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਅਤੇ ਸਬੂਤ ਮਿਟਾਉਣ ਲਈ ਲਾਸ਼ ਨਹਿਰ ਵਿੱਚ ਸੁੱਟ ਦਿੱਤੀ ਗਈ। ਮੁਲਜ਼ਮਾਂ ਨੇ ਕਾਰ ਨੂੰ ਵੀ ਨਹਿਰ ਵਿੱਚ ਡੁਬੋ ਦਿੱਤਾ ਸੀ। 15 ਮਈ ਨੂੰ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਹੋਣ ਮਗਰੋਂ ਪੁਲਸ ਨੇ ਟੈਕਨੀਕਲ ਜਾਂਚ ਅਤੇ ਗੁਪਤ ਸੂਤਰਾਂ ਦੀ ਮਦਦ ਨਾਲ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਨਹਿਰ ਵਿੱਚੋਂ ਇੰਦਰ ਕੌਰ ਦੀ ਲਾਸ਼, ਕਾਰ ਅਤੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਹਨ। ਫਿਲਹਾਲ ਪੁਲਸ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਦੀ ਤਲਾਸ਼ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Related Post