
Bathinda News : ਬਠਿੰਡਾ ਦੀ ਹਾਈ ਸਕਿਓਰਿਟੀ ਕੇਂਦਰੀ ਜੇਲ੍ਹ ਤੋਂ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਜਾਂਚ ਦੌਰਾਨ ਤਿੰਨ ਹਵਾਲਾਤੀਆਂ ਵੱਲੋਂ ਜੇਲ੍ਹ ਪ੍ਰਸ਼ਾਸਨ ਦੀ ਟੀਮ ’ਤੇ ਅਚਾਨਕ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਜੇਲ੍ਹ ਅੰਦਰ ਰੁਟੀਨ ਚੈਕਿੰਗ ਚੱਲ ਰਹੀ ਸੀ, ਇਸ ਦੌਰਾਨ ਹਵਾਲਾਤੀਆਂ ਨੇ ਅਚਾਨਕ ਹਮਲਾਵਰ ਰੂਪ ਧਾਰ ਲਿਆ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ। ਹਮਲੇ ਦੌਰਾਨ ਜੇਲ੍ਹ ਸੁਪਰਡੈਂਟ ਬਾਲ-ਬਾਲ ਬਚ ਗਏ, ਪਰ ਉਨ੍ਹਾਂ ਦੀ ਸੁਰੱਖਿਆ ਲਈ ਅੱਗੇ ਆਏ ਗੰਨਮੈਨ ’ਤੇ ਨੁਕੀਲੇ ਹਥਿਆਰਾਂ ਨਾਲ ਵਾਰ ਕੀਤੇ ਗਏ। ਇਸ ਹਮਲੇ ਵਿੱਚ ਇੱਕ ਕਾਂਸਟੇਬਲ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਮਹਿਕਮੇ ਵਿੱਚ ਹੜਕੰਪ ਮਚ ਗਿਆ। ਜੇਲ੍ਹ ਅੰਦਰ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਵਾਲਾਤੀਆਂ ਕੋਲ ਨੁਕੀਲੇ ਹਥਿਆਰ ਕਿਵੇਂ ਪਹੁੰਚੇ ਅਤੇ ਹਮਲੇ ਦੇ ਪਿੱਛੇ ਕੀ ਮਕਸਦ ਸੀ। ਇਸ ਘਟਨਾ ਨੇ ਇੱਕ ਵਾਰ ਫਿਰ ਜੇਲ੍ਹਾਂ ਦੀ ਸੁਰੱਖਿਆ ਪ੍ਰਣਾਲੀ ’ਤੇ ਸਵਾਲ ਖੜੇ ਕਰ ਦਿੱਤੇ ਹਨ।