ਸਿੱਖੀ ਪ੍ਰਚਾਰ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਦਬਾਉਣਾ ਪੰਜਾਬ ਸਰਕਾਰ ਦੀ ਵੱਡੀ ਭੁੱਲ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲੈਣ ਦੀ ਕੀਤੀ ਕਰੜੀ ਆਲੋਚਨਾ
ਅੰਮ੍ਰਿਤਸਰ, 7 ਅਪ੍ਰੈਲ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਸਾਮ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਉਨ੍ਹਾਂ ਦੇ ਚਾਚਾ ਅਤੇ ਹੋਰ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਬਰੀ ਪੁਲਿਸ ਹਿਰਾਸਤ ਵਿੱਚ ਲੈਣਾ ਮਨੁੱਖੀ ਹੱਕਾਂ ਅਤੇ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਬਾਉਣ ਵਾਲੀ ਕਾਰਵਾਈ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਭਲਕੇ 8 ਅਪ੍ਰੈਲ ਨੂੰ ਆਯੋਜਿਤ ਕੀਤੇ ਜਾ ਰਹੇ ਚੇਤਨਾ ਮਾਰਚ ਨੂੰ ਰੋਕਣ ਵਾਸਤੇ ਸਿੱਖ ਨੌਜਵਾਨਾਂ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਦੀ ਫੜੋ ਫੜਾਈ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀ ਕਾਰਵਾਈ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਸਿੱਖੀ ਚੇਤਨਾ ਲਈ ਆਯੋਜਿਤ ਕੀਤੇ ਜਾਣ ਵਾਲੇ ਚੇਤਨਾ ਮਾਰਚ ਤੋਂ ਆਪਣੀਆਂ ਗਲਤੀਆਂ ਅਤੇ ਕਮਜ਼ੋਰੀਆਂ ਦੇ ਨਸ਼ਰ ਹੋਣ ਕਾਰਨ ਡਰ ਰਹੀ ਹੈ।
ਉਨ੍ਹਾਂ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਨੌਜਵਾਨਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਬਜਾਏ ਉਲਟਾ ਉਹਨਾਂ ਦੇ ਮਾਪਿਆਂ ਨੂੰ ਵੀ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਹ ਪੰਜਾਬ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦਾ ਸਿੱਧੇ ਤੌਰ ਤੇ ਕਤਲ ਹੈ। ਇਸ ਦੇ ਨਾਲ ਹੀ ਸਿੱਖ ਚੇਤਨਾ ਮਾਰਚ ਨੂੰ ਰੋਕਣ ਲਈ ਕੀਤੀ ਜਾ ਰਹੀ ਹਰਕਤ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਵੀ ਉਲੰਘਣਾ ਹੈ। ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਅਜਿਹੀਆਂ ਸਿੱਖ ਵਿਰੋਧੀ ਹਰਕਤਾਂ ਤੋਂ ਬਚਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੇ ਕਿਸੇ ਵੀ ਤਰ੍ਹਾਂ ਹਿੱਤ ਵਿੱਚ ਨਹੀਂ ਹੈ। ਖਾਸ ਤੌਰ ਤੇ ਸਿੱਖ ਵਿਚਾਰਧਾਰਾ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ।

Related Post

Leave a Reply

Your email address will not be published. Required fields are marked *