Patiala News : ਪਟਿਆਲਾ ਦੇ ਮਸ਼ਹੂਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਖਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਪਿੰਡ ਰੱਖੜਾ ਪਹੁੰਚ ਰਹੇ ਹਨ, ਜਿਸ ਨਾਲ ਇਸ ਸਮਾਗਮ ਦੀ ਅਹਿਮੀਅਤ ਹੋਰ ਵੀ ਵੱਧ ਗਈ ਹੈ। ਉਧਰ, ਰੱਖੜਾ ਦੀਆਂ ਲਗਾਤਾਰ ਬਦਲਦੀਆਂ ਸਿਆਸੀ ਗਤੀਵਿਧੀਆਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਵੱਲੋਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੁਰਜੀਤ ਸਿੰਘ ਰੱਖੜਾ ਦਾ ਇੱਕ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਇਸ ਕਰਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਕਿਉਂਕਿ ਪਾਰਟੀ ਨੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਇਤਿਹਾਸਕ ਕਾਨੂੰਨ ਬਣਾਇਆ ਹੈ। ਰੱਖੜਾ ਮੁਤਾਬਕ ਇਸ ਕਦਮ ਨੇ ਹੀ ਉਨ੍ਹਾਂ ਦਾ ਮਨ ਪਾਰਟੀ ਵਿੱਚ ਜਾਣ ਲਈ ਬਣਾਇਆ। ਇਸਦੇ ਨਾਲ ਹੀ ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵੱਡਾ ਸੰਕੇਤ ਦਿੱਤਾ ਹੈ। ਰੱਖੜਾ ਨੇ ਕਿਹਾ ਕਿ ਜੇਕਰ ਪਾਰਟੀ ਮੌਕਾ ਦਿੰਦੀ ਹੈ ਤਾਂ ਉਹ ਸਮਾਣਾ ਹਲਕੇ ਤੋਂ ਹੀ ਚੋਣ ਮੈਦਾਨ ਵਿੱਚ ਉਤਰਣਗੇ। ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਟਿਕੀ ਹੋਈ ਹੈ ਕਿ ਰੱਖੜਾ ਦੀ ਆਮ ਆਦਮੀ ਪਾਰਟੀ ਵਿੱਚ ਐਂਟਰੀ ਪੰਜਾਬ ਦੀ ਸਿਆਸਤ ਵਿੱਚ ਕਿਹੜਾ ਨਵਾਂ ਮੋੜ ਲਿਆਉਂਦੀ ਹੈ।

