ਯੋਗਰਾਜ ਸਿੰਘ ਦੀਆਂ ਮੁਸ਼ਕਲਾਂ ਵਧੀਆਂ, ਪੁਲਿਸ ਨੇ ਮੰਗੀਆਂ ਅਸਲ ਰਿਕਾਰਡਿੰਗਾਂ

Punjab News : ਅਦਾਕਾਰ ਅਤੇ ਸਾਬਕਾ ਕ੍ਰਿਕੇਟਰ Yograj Singh ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਇੱਕ ਵੈੱਬ ਸੀਰੀਜ਼ ਵਿੱਚ ਕਥਿਤ ਅਸ਼ਲੀਲ ਅਤੇ ਔਰਤਾਂ ਵਿਰੋਧੀ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਹੁਣ ਉਨ੍ਹਾਂ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਯੋਗਰਾਜ ਸਿੰਘ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਦੂਜੇ ਪਾਸੇ, ਚੰਡੀਗੜ੍ਹ ਪੁਲਿਸ ਨੇ ਇਸ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਹੈ। ਪੁਲਿਸ ਨੇ ਅਦਾਲਤ ਵਿੱਚ ਦਾਇਰ ਆਪਣੇ ਜਵਾਬ ਵਿੱਚ ਕਿਹਾ ਹੈ ਕਿ ਜਾਂਚ ਨੂੰ ਅੱਗੇ ਵਧਾਉਣ ਲਈ ਯੋਗਰਾਜ ਸਿੰਘ ਦੇ ਵਾਇਸ ਸੈਂਪਲ ਦੀ ਲੋੜ ਹੈ। ਇਸ ਦੇ ਨਾਲ ਹੀ, ਪੁਲਿਸ ਨੇ ਕਥਿਤ ਵੀਡੀਓ ਨਾਲ ਜੁੜੀਆਂ ਅਸਲ ਰਿਕਾਰਡਿੰਗਾਂ ਵੀ ਮੰਗੀਆਂ ਹਨ ਤਾਂ ਜੋ ਤੱਥਾਂ ਦੀ ਪੁਸ਼ਟੀ ਕੀਤੀ ਜਾ ਸਕੇ।

ਜਾਣਕਾਰੀ ਮੁਤਾਬਕ, ਇਹ ਮਾਮਲਾ ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਐਡਵੋਕੇਟ ਉੱਜਵਲ ਭਸੀਨ ਅਤੇ ਜਤਿਨ ਵਰਮਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਨਿਆ ਸੰਹਿਤਾ ਦੀ ਧਾਰਾ 79 ਅਤੇ ਇਨਫਾਰਮੇਸ਼ਨ ਟੈਕਨਾਲੋਜੀ ਐਕਟ 2000 ਤਹਿਤ ਐੱਫਆਈਆਰ ਦਰਜ ਕੀਤੀ ਗਈ। ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਵੀਡੀਓ ਵਿੱਚ ਵਰਤੀ ਗਈ ਭਾਸ਼ਾ ਨਾ ਸਿਰਫ਼ ਅਸ਼ਲੀਲ ਹੈ, ਸਗੋਂ ਇਹ ਔਰਤਾਂ ਵਿਰੁੱਧ ਨਫ਼ਰਤ ਅਤੇ ਵਿਤਕਰੇ ਨੂੰ ਵੀ ਉਤਸ਼ਾਹਿਤ ਕਰਦੀ ਹੈ, ਜਿਸ ਨਾਲ ਸਮਾਜ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਦੀ ਹੈ।ਹੁਣ ਇਸ ਮਾਮਲੇ ‘ਤੇ ਸਭ ਦੀ ਨਜ਼ਰ ਅਦਾਲਤ ਦੇ ਅਗਲੇ ਫ਼ੈਸਲੇ ‘ਤੇ ਟਿਕੀ ਹੋਈ ਹੈ, ਕਿਉਂਕਿ ਇਹ ਕੇਸ ਸੋਸ਼ਲ ਮੀਡੀਆ ਅਤੇ ਮਨੋਰੰਜਨ ਜਗਤ ਵਿੱਚ ਵੀ ਚਰਚਾ ਦਾ ਵਿਸ਼ਾ ਬਣ ਚੁੱਕਾ ਹੈ।

Related Post